ਜੰਮੂ-ਕਸ਼ਮੀਰ ਵਿੱਚ ਇਸ ਸਾਲ 30 ਸਤੰਬਰ ਤੋਂ ਪਹਿਲਾਂ-ਪਹਿਲਾਂ ਅਸੈਂਬਲੀ ਚੋਣਾਂ ਕਰਵਾਈਆਂ ਜਾਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਜੰਮੂ ਕਸ਼ਮੀਰ ਵਿਚ ਸਫ਼ਲ ਮਤਦਾਨ ਨਾਲ ਮੋਦੀ ਸਰਕਾਰ ਦੀ ਕਸ਼ਮੀਰ ਨੀਤੀ ਬਾਰੇ ਸਾਰੇ ਸ਼ੰਕੇ ਦੂਰ ਹੋ ਗਏ ਹਨ। ਹਾਲਾਂਕਿ ਅਮਿਸ਼ ਸ਼ਾਹ ਨੇ ਇਹ ਵੀ ਕਿਹਾ ਹੈ ਕਿ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਵੱਖਵਾਦੀ ਵੀ ਪੂਰੇ ਉਤਸ਼ਾਹ ਨਾਲ ਸ਼ਾਮਲ ਹੋਏ ਹਨ।
ਗ੍ਰਹਿ ਮੰਤਰੀ ਸ਼ਾਹ ਨੇ ਭਰੋਸਾ ਦਿਵਾਇਆ ਹੈ ਕਿ ਜੰਮੂ ਕਸ਼ਮੀਰ ਵਿੱਚ ਅਸੈਂਬਲੀ ਚੋਣਾਂ 30 ਸਤੰਬਰ ਤੋਂ ਪਹਿਲਾਂ ਕਰਵਾ ਲਈਆਂ ਜਾਣਗੀਆਂ। ਖ਼ਬਰ ਏਜੰਸੀ ਨੂੰ ਦਿੱਤੀ ਇੰਟਰਵਿਊ ’ਚ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਸਰਕਾਰ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਸੂਬੇ ਦਾ ਦਰਜਾ ਬਹਾਲ ਕਰਨ ਦਾ ਅਮਲ ਸ਼ੁਰੂ ਕਰ ਦੇਵੇਗੀ।
ਇਸ ਤੋਂ ਇਲਾਵਾ ਮਕਬੂਜ਼ਾ ਕਸ਼ਮੀਰ ਦੇ ਜੰਮੂ ਤੇ ਕਸ਼ਮੀਰ ਨਾਲ ਰਲੇਵੇਂ ਸਬੰਧੀ ਉਨ੍ਹਾਂ ਕਿਹਾ ਕਿ ਇਹ ਫੈਸਲਾ ਗੰਭੀਰ ਵਿਚਾਰ ਚਰਚਾ ਤੋਂ ਬਾਅਦ ਹੀ ਲਿਆ ਜਾ ਸਕਦਾ ਹੈ।