India Punjab

‘ਹੇਮਕੁੰਟ ਸਾਹਿਬ ਦੀ ਯਾਤਰਾ ‘4 ਧਾਮ’ ਦੀ ਯਾਤਰਾ ਕਿਵੇਂ’? ‘ਇਹ ਸਿੱਖ ਮਰਿਆਦਾ ਦੇ ਉਲਟ, ਰੱਖੋ ਬਾਹਰ’!

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੀ ਸ਼ੁਰੂਆਤ 25 ਮਈ ਨੂੰ ਹੋ ਚੁੱਕੀ ਹੈ, ਪਰ ਇਸ ਵਾਰ ਉਤਰਾਖੰਡ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਚਾਰ ਧਾਮ ਯਾਤਰਾ ਅਧੀਨ ਰਜਿਸਟ੍ਰੇਸ਼ਨ ਕਰਵਾਉਣ ਨੂੰ ਕਿਹਾ ਹੈ ਜਿਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਖਤ ਇਤਰਾਜ਼ ਜਤਾਇਆ ਹੈ ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਸਰਕਾਰ ਨੂੰ ਪੱਤਰ ਲਿਖ ਕੇ ਇਹ ਫੈਸਲਾ ਫੌਰਨ ਵਾਪਸ ਲੈਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਸਿੱਖ ਸੰਗਤ ਹਰ ਸਾਲ ਸ਼ਰਧਾ ਪ੍ਰਗਟ ਕਰਦਿਆਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਜਾਂਦੀ ਹੈ। ਪਰ ਇਸ ਵਾਰ ਸਿੱਖ ਸ਼ਰਧਾਲੂਆਂ ਨੂੰ ਰਿਸ਼ੀਕੇਸ਼ ਗੁਰਦੁਆਰੇ ਵਿੱਚ ਚਾਰ ਧਾਮ ਯਾਤਰਾ ਤਹਿਤ ਕਾਰਡ ਬਣਾ ਕੇ ਅਗੇ ਜਾਣ ਦਿੱਤਾ ਜਾਂਦਾ ਹੈ ਜੋ ਕਿ ਠੀਕ ਨਹੀਂ ਹੈ।

ਉਨ੍ਹਾਂ ਕਿਹਾ ਕਿ ਚਾਰ ਧਾਮ ਯਾਤਰਾ ਨਾਲ ਸਿੱਖ ਧਾਰਮਿਕ ਥਾਵਾਂ ਦਾ ਕੋਈ ਸਬੰਧ ਨਹੀਂ ਹੈ ਇਸ ਲਈ ਸ੍ਰੀ ਹੇਮਕੁੰਟ ਸਾਹਿਬ ਵਾਸਤੇ ਇਹ ਪ੍ਰਕ੍ਰਿਆ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਅਸਥਾਨਾਂ ਦੀ ਆਪਣੀ ਮਰਿਯਾਦਾ ਹੈ ਅਤੇ ਇਸ ਨੂੰ ਕਿਸੇ ਹੋਰ ਧਰਮ ਦੇ ਅਸਥਾਨਾ ਦੀ ਯਾਤਰਾ ਨਾਲ ਰਲਗਡ ਕਰਨਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਹੈ। ਉਨ੍ਹਾਂ ਪੱਤਰ ਰਾਹੀਂ ਉਤਰਾਖੰਡ ਸਰਕਾਰ ਤੋਂ ਮੰਗ ਕੀਤੀ ਕਿ ਇਸ ਨੂੰ ਤੁਰੰਤ ਰੋਕਿਆ ਜਾਵੇ ਅਤੇ ਜੇਕਰ ਬਹੁਤ ਜਰੂਰੀ ਹੋਵੇ ਤਾਂ ਚਾਰ ਧਾਮ ਯਾਤਰਾ ਦੇ ਦਾਇਰੇ ਤੋਂ ਵੱਖ ਸ੍ਰੀ ਹੇਮਕੁੰਟ ਸਾਹਿਬ ਲਈ ਵੱਖਰਾ ਰਜਿਸਟ੍ਰੇਸ਼ਨ ਪ੍ਰਬੰਧ ਕੀਤਾ ਜਾਵੇ।

ਇਹ ਵੀ ਪੜ੍ਹੋ-   ਰਾਮ ਰਹੀਮ ਨੂੰ ਬਰੀ ਕਰਨ ਦੇ ਫੈਸਲੇ ‘ਤੇ ਸਿੱਖ ਜਥੇਬੰਦੀਆਂ ਨੇ ਜਤਾਇਆ ਇਤਰਾਜ਼