India

ਸ਼ਰਧਾਲੂਆਂ ਨਾਲ ਭਰੀ ਬੱਸ ਖੱਡ ’ਚ ਡਿੱਗੀ, 21 ਦੀ ਮੌਤ, 40 ਜ਼ਖਮੀ

21 Killed, 40 Injured as Bus Carrying Pilgrims from Kurukshetra Falls into Gorge in Jammu and Kashmir

ਜੰਮੂ-ਪੁੰਛ ਹਾਈਵੇਅ ’ਤੇ ਅਖਨੂਰ ਇਲਾਕੇ ’ਚ ਟਾਂਡਾ ਮੋੜ ’ਤੇ ਇਕ ਬੱਸ ਦੇ ਡੂੰਘੀ ਖੱਡ ’ਚ ਡਿੱਗਣ ਕਾਰਨ ਘੱਟੋ-ਘੱਟ 21 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਗੰਭੀਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਜੰਮੂ ਦੇ ਅਖਨੂਰ ਹਸਪਤਾਲ ਅਤੇ ਸਰਕਾਰੀ ਮੈਡੀਕਲ ਕਾਲਜ (ਜੀਐਮਸੀ) ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਜੰਮੂ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯਾਤਰੀਆਂ ਨਾਲ ਭਰੀ ਬੱਸ ਉੱਤਰ ਪ੍ਰਦੇਸ਼ ਦੇ ਹਾਥਰਸ ਤੋਂ ਜੰਮੂ ਦੇ ਸ਼ਿਵ ਖੋਰੀ ਜਾ ਰਹੀ ਸੀ। ਇਹ ਬੱਸ ਅਖਨੂਰ ਦੇ ਟਾਂਡਾ ਤੋਂ ਮੁੜਨ ਹੀ ਵਾਲੀ ਸੀ ਕਿ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ ਅਤੇ ਲੋਕਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚ ਗਈਆਂ।

ਪੁਲਿਸ, ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਨੇ ਆਪਣੇ ਪੱਧਰ ’ਤੇ ਚਾਰਜ ਸੰਭਾਲ ਲਿਆ। ਬੱਸ ਦੇ ਸ਼ੀਸ਼ੇ ਤੋੜ ਕੇ ਲੋਕਾਂ ਨੂੰ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਰੱਸੀ ਅਤੇ ਕੁਝ ਸਾਮਾਨ ਪਿੱਠ ’ਤੇ ਬੰਨ੍ਹ ਕੇ ਸੜਕ ’ਤੇ ਲੈ ਗਏ। ਜ਼ਖਮੀਆਂ ਨੂੰ ਐਂਬੂਲੈਂਸਾਂ ਤੇ ਹੋਰ ਵਾਹਨਾਂ ਰਾਹੀਂ ਜਲਦੀ ਤੋਂ ਜਲਦੀ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ।

ਹਸਪਤਾਲ ਨੂੰ ਵੀ ਅਲਰਟ ਕਰ ਦਿੱਤਾ ਗਿਆ ਸੀ। ਜ਼ਖਮੀਆਂ ਦਾ ਇੱਥੇ ਪਹੁੰਚਦੇ ਹੀ ਇਲਾਜ ਸ਼ੁਰੂ ਹੋ ਗਿਆ। ਗੰਭੀਰ ਜ਼ਖਮੀ ਯਾਤਰੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਜੀਐਮਸੀ ਜੰਮੂ ਰੈਫਰ ਕਰ ਦਿੱਤਾ ਗਿਆ। ਜੀਐਮਸੀ ਜੰਮੂ ਵਿਖੇ ਡਾਕਟਰਾਂ ਦੀ ਅਲਰਟ ਟੀਮ ਨੇ ਚਾਰਜ ਸੰਭਾਲ ਲਿਆ ਤੇ ਤੁਰੰਤ ਜ਼ਖ਼ਮੀਆਂ ਦਾ ਇਲਾਜ ਸ਼ੁਰੂ ਕਰ ਦਿੱਤਾ।

ਇਸ ਹਾਦਸੇ ਨੂੰ ਲੈ ਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੁੱਖ ਪ੍ਰਗਟ ਕੀਤਾ ਹੈ। ਰਾਸ਼ਟਰਪਤੀ ਮੁਰਮੂ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਪੋਸਟ ਕੀਤਾ ਅਤੇ ਲਿਖਿਆ, ‘ਜੰਮੂ ਨੇੜੇ ਅਖਨੂਰ ’ਚ ਬੱਸ ਹਾਦਸੇ ’ਚ ਲੋਕਾਂ ਦੀ ਮੌਤ ਦੀ ਖ]ਬਰ ਸੁਣ ਕੇ ਮੈਂ ਸ਼ਬਦਾਂ ’ਚ ਬਿਆਨ ਨਹੀਂ ਕਰ ਸਕਦੀ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।’

ਜੰਮੂ ਦੇ ਉਪ ਰਾਜਪਾਲ ਨੇ ਵੀ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਐਲਜੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਜੰਮੂ ਦੇ ਅਖਨੂਰ ਵਿੱਚ ਵਾਪਰਿਆ ਬੱਸ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਮੈਂ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕਰਦਾ ਹਾਂ ਅਤੇ ਦੁਖੀ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਦੀ ਤਾਕਤ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।’

ਇਸ ਤੋਂ ਇਲਾਵਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਟਵੀਟ ਕਰਕੇ ਘਟਨਾ ’ਤੇ ਦੁੱਖ ਜਤਾਇਆ ਹੈ। ਉਨ੍ਹਾਂ ਲਿਖਿਆ, “ਜੰਮੂ-ਕਸ਼ਮੀਰ ਦੇ ਅਖਨੂਰ ’ਚ ਹੋਏ ਭਿਆਨਕ ਬੱਸ ਹਾਦਸੇ ਤੋਂ ਬਹੁਤ ਦੁਖੀ ਹਾਂ, ਜਿਸ ’ਚ ਘੱਟੋ-ਘੱਟ 21 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋਏ ਹਨ। ਪੀੜਤ ਪਰਿਵਾਰਾਂ ਦੇ ਪ੍ਰਤੀ ਸਾਡੀ ਦਿਲੀ ਹਮਦਰਦੀ ਹੈ। ਅਸੀਂ ਪ੍ਰਸ਼ਾਸਨ ਨੂੰ ਅਪੀਲ ਕਰਦੇ ਹਾਂ ਕਿ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਦਿੱਤੀ ਜਾਵੇ ਅਤੇ ਪੀੜਤਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਕਾਂਗਰਸੀ ਵਰਕਰਾਂ ਨੂੰ ਹਰ ਸੰਭਵ ਮਦਦ ਕਰਨੀ ਚਾਹੀਦੀ ਹੈ। ਅਸੀਂ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜੇ ਹਾਂ।”