ਮੀਂਹ ਪੈਣ ਨਾਲ ਪੰਜਾਬ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਮੀਂਹ ਤੇ ਹਨ੍ਹੇਰੀ ਦਾ ‘ਔਰੇਂਜ ਅਲਰਟ’ ਜਾਰੀ ਕੀਤਾ ਗਿਆ ਹੈ। ਇਸ ਅਲਰਟ ਮੁਤਾਬਕ ਪੰਜਾਬ ‘ਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਤੇ ਮੀਂਹ ਵੀ ਪਵੇਗਾ।
ਇਸ ਦਾ ਅਸਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਨਵਾਂ ਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਵਿੱਚ ਪਵੇਗਾ। ਜਦਕਿ ਬਾਕੀ ਪੰਜ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।