ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ।
ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ। ਇਸ ਮੌਕੇ ਉਨ੍ਹਾ ਸੰਗਤਾਂ ਨਾਲ ਭਗਤ ਕਬੀਰ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾ ਸੰਗਤ ਨੂੰ ਭਗਤ ਕਬੀਰ ਜੀ ਵੱਲੋਂ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਦਿਆਂ ਅਕਾਲ ਪੁਰਖ ਦੀ ਭਗਤੀ ਕਰਨ ਦੇ ਦਿਖਾਏ ਰਾਹ ’ਤੇ ਚੱਲਣ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦਿਆ ਭਗਤ ਜੀ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।


 
																		 
																		 
																		 
																		 
																		