Punjab

ਖੇਤੀ ਕਾਨੂੰਨ ਤੇ ਵਜ਼ੀਫਾ ਘੁਟਾਲੇ ਨੂੰ ਲੈ ਕੇ ‘ਆਪ ਵੱਲੋਂ ਕੈਪਟਨ ਦੇ ਫਾਰਮ ਹਾਊਸ ਦਾ ਘਿਰਾਓ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਤੇ ਕਥਿਤ ਵਜ਼ੀਫ਼ਾ ਘੁਟਾਲੇ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਧਰਮਸੋਤ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕੀਤਾ ਗਿਆ।

ਇਸ ਮੌਕੇ ਪਾਰਟੀ ਆਗੂਆਂ ਨੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਤੇ ਸਾਧੂ ਸਿੰਘ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕੇਂਦਰ ਸਰਕਾਰ ਤੋਂ ‘ਕਿਸਾਨ ਵਿਰੋਧੀ’ ਨਵੇਂ ਕਾਨੂੰਨ ਵਾਪਸ ਲੈਣ ਦੀ ਮੰਗ ਵੀ ਕੀਤੀ ਗਈ। ਪਾਰਟੀ ਵੱਲੋਂ ਸਾਧੂ ਸਿੰਘ ਧਰਮ ਸੋਤ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਗਈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਐੱਸਸੀ ਵਿਦਿਆਰਥੀਆਂ ਦੇ ਵਜੀਫ਼ੇ ਦੀ ਵੰਡ ਵਿੱਚ ਹੋਏ ਕਰੋੜਾਂ ਰੁਪਏ ਦੇ ਕਥਿਤ ਘਪਲੇ ਦੀ ਜਾਂਚ ਲਈ ਬਣਾਈ ਗਈ ਉੱਚ ਪੱਧਰੀ ਜਾਂਚ ਟੀਮ ਨੇ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਅਤੇ ਘੱਟਗਿਣਤੀਆਂ ਬਾਰੇ ਮੰਤਰੀ ਸਾਧੂ ਸਿੰਘ ਨੂੰ ਕਲੀਨ ਚਿੱਟ ਦੇ ਦਿੱਤੀ ਹੈ।

ਪੰਜਾਬ ਦੀ ਚੀਫ਼ ਸੈਕਰੇਟਰੀ ਵਿਨੀ ਮਹਾਜਨ ਵੱਲੋਂ ਬਣਾਈ ਤਿੰਨ ਮੈਂਬਰੀ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਜਾਂਚ ਵਿੱਚ ਐੱਸਸੀ ਵਿਦਿਆਰਥੀਆਂ ਦੇ ਪੋਸਟ-ਮੈਟਰਿਕ ਵਜੀਫਿਆਂ ਦੀ ਰਕਮ ਵਿੱਚੋਂ 39 ਕਰੋੜ ਰੁਪਏ ਬੋਗਸ ਖਾਤਿਆਂ ਵਿੱਚ ਭੇਜੇ ਜਾਣ ਦੇ ਮਾਮਲੇ ਵਿੱਚ ਮੰਤਰੀ ਦੇ ਕਥਿਤ ਦਖ਼ਲ ਬਾਰੇ ਕੋਈ ਠੋਸ ਸਬੂਤ ਨਹੀਂ ਮਿਲਿਆ ਹੈ

ਮੁਜ਼ਾਹਰਾਕਾਰੀਆਂ ਨੂੰ ਬਾਅਦ ਵਿੱਚ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ। ਹਿਰਾਸਤ ਵਿੱਚ ਲਏ ਜਾਣ ਮਗਰੋਂ  ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਰਕਾਰ ਦੀਆਂ ਦਮਨਕਾਰੀਆਂ ਨੀਤੀਆਂ ਸਾਹਮਣੇ ਆ ਰਹੀਆਂ ਹਨ, ਅਸੀਂ ਸਾਰੇ ਚੁਣੇ ਹੋਏ ਨੁਮਾਇੰਦੇ ਸ਼ਾਂਤੀਪੂਰਬਕ ਧਰਨਾ ਦੇ ਰਹੇ ਸੀ।” “ਸਾਨੂੰ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਕੇ ਪਤਾ ਨਹੀਂ ਕਿੱਥੇ ਲਿਜਾਇਆ ਜਾ ਰਿਹਾ ਹੈ। ਲੇਕਿਨ ਆਮ ਆਦਮੀ ਪਾਰਟੀ ਦੀ ਮੰਗ ਹੈ ਕਿ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਏ ਤੇ ਜੇਲ੍ਹ ਵਿੱਚ ਭੇਜਿਆ ਜਾਵੇ।”

ਇਸ ਸਾਰੇ ਮਾਮਲੇ ਦੀ ਜਾਂਚ ਸੀਬੀਆਈ ਕਰੇ ਜਿਸ ਦੀ ਨਿਗਰਾਨੀ ਹਾਈ ਕੋਰਟ ਦਾ ਸਿਟਿੰਗ ਜੱਜ ਕਰੇ। ਇਸ ਦੇ ਨਾਲ ਹੀ ਕਿਸਾਨਾਂ ਦੇ ਖ਼ਿਲਾਫ਼ ਪਿਛਲੇ ਦਿਨਾਂ ਵਿੱਚ ਜਿਹੜੇ ਤਿੰਨ ਬਿੱਲ ਆਏ ਹਨ, ਉਸ ਨੂੰ ਲੈ ਕੇ ਤੁਰੰਤ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਵੇ। ਆਲ ਪਾਰਟੀ ਮੀਟਿੰਗ ਸੱਦੀ ਜਾਵੇ ਜਿਸ ਵਿੱਚ ਕਿਸਾਨ ਜਥੇਬੰਦੀਆਂ ਵੀ ਹੋਣ, ਸ਼ੈਲਰ ਮਾਲਕ ਵੀ ਹੋਣ, ਖੇਤ ਮਜ਼ਦੂਰ ਵੀ ਹੋਣ।” ਇਹ ਸਾਰੀਆਂ ਪ੍ਰੋਸੀਡਿੰਗਸ ਲਾਈਵ ਹੋਣੀਆਂ ਚਾਹੀਦੀਆਂ ਹਨ, ਪੰਜਾਬ ਦੇ ਲੋਕਾਂ ਨੂੰ ਇਸ ਬਾਰੇ ਪਤਾ ਲੱਗਣਾ ਚਾਹੀਦਾ ਹੈ।”

Comments are closed.