India Punjab

ਜ਼ਮੀਨ ਲੈਣ ’ਚ ਅੜਿੱਕਿਆਂ ਕਰਕੇ NHAI ਨੇ ਪੰਜਾਬ ’ਚ 3 ਪ੍ਰੋਜੈਕਟ ਕੀਤੇ ਰੱਦ, ਵਿਰੋਧੀਆਂ ਨੇ ਘੇਰੀ ਪੰਜਾਬ ਸਰਕਾਰ

ਬਿਉਰੋ ਰਿਪੋਰਟ: ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਵਿੱਚ 3 ਵਿਕਾਸ ਪ੍ਰੋਜੈਕਟ ਰੱਦ ਕਰ ਦਿੱਤੇ ਹਨ। ਇਸ ਦੇ ਲਈ ਕੇਂਦਰੀ ਏਜੰਸੀ ਵੱਲੋਂ ਪੰਜਾਬ ਵਿੱਚ ਕਿਸਾਨਾਂ ਦੁਆਰਾ ਲਗਾਤਾਰ ਕੀਤੇ ਜਾ ਰਹੇ ਧਰਨਿਆਂ ਦਾ ਹਵਾਲਾ ਦਿੱਤਾ ਜਾ ਰਿਹਾ ਹੈ। ਕੇਂਦਰੀ ਏਜੰਸੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਾਈਵੇਅ ਲਈ ਜ਼ਮੀਨ ਐਕੁਆਇਰ ਕਰਨ ਵਿੱਚ ਦਿੱਕਤ ਆ ਰਹੀ ਹੈ।

NHAI ਨੇ ਪਹਿਲਾਂ ਹੀ 3,303 ਕਰੋੜ ਰੁਪਏ ਦੀ ਲਾਗਤ ਵਾਲੇ 3 ਨੈਸ਼ਨਲ ਹਾਈਵੇ ਪ੍ਰੋਜੈਕਟਾਂ ਨੂੰ ਰੱਦ ਕਰ ਦਿੱਤਾ ਹੈ, ਜਦਕਿ 4,942 ਕਰੋੜ ਰੁਪਏ ਦੀ ਲਾਗਤ ਵਾਲੀਆਂ 4 ਹੋਰ ਯੋਜਨਾਵਾਂ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਵਿੱਚ NHAI 52,000 ਕਰੋੜ ਰੁਪਏ ਦੀ ਲਾਗਤ ਨਾਲ 1,500 ਕਿਲੋਮੀਟਰ ਲੰਬੇ ਰਾਸ਼ਟਰੀ ਰਾਜ ਮਾਰਗਾਂ ਦੇ ਵਿਕਾਸ ਕਾਰਜ ਕਰ ਰਹੀ ਹੈ।

ਐਨਐਚਏਆਈ ਨੇ 2022 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਪਹੁੰਚ ਕੀਤੀ ਸੀ, ਜਿਸ ਤੋਂ ਬਾਅਦ ਅਕਤੂਬਰ 2023 ਵਿੱਚ ਇੱਕ ਹੁਕਮ ਪਾਸ ਕੀਤਾ ਗਿਆ ਸੀ, ਜਿਸ ਵਿੱਚ ਰਾਜ ਸਰਕਾਰ ਨੂੰ ਐਕੁਆਇਰ ਕੀਤੀ ਜ਼ਮੀਨ ਦਾ ਕਬਜ਼ਾ ਲੈਣ ਵਿੱਚ ਐਨਐਚਏਆਈ ਦੀ ਸਹਾਇਤਾ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ। ਪਰ ਇਸ ਸਭ ਦੇ ਬਾਵਜੂਦ ਜ਼ਮੀਨ ’ਤੇ ਬਹੁਤਾ ਕੁਝ ਨਹੀਂ ਹੋਇਆ ਹੈ। ਜ਼ਮੀਨ ਐਕਵਾਇਰ ਦੇ ਖ਼ਿਲਾਫ਼ ਕਿਸਾਨਾਂ ਦੇ ਵਿਰੋਧ ਦੇ ਕਾਰਨ ਮੁੱਥ ਬੁਨਿਆਦੀ ਢਾਂਚਾ ਯੋਜਨਾਵਾਂ ਨੂੰ ਵਾਪਸ ਲੈਣਾ ਪੈ ਰਿਹਾ ਹੈ।

NHAI ਨੇ ਪੰਜਾਬ ਸਰਕਾਰ ਤੋਂ ਮੰਗਿਆ ਦਖ਼ਲ

NHAI ਦੇ ਚੇਅਰਮੈਨ ਸੰਤੋਸ਼ ਕੁਮਾਰ ਯਾਦਵ ਨੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਦਖ਼ਲ ਦੀ ਮੰਗ ਕੀਤੀ ਹੈ ਤਾਂ ਜੋ ਕੇਂਦਰੀ ਏਜੰਸੀ ਨੂੰ ਬਿਨਾਂ ਕਿਸੇ ਦੇਰੀ ਦੇ ਲੰਬਿਤ ਹਾਈਵੇਅ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਐਕੁਆਇਰ ਕੀਤੀ ਜ਼ਮੀਨ ਦਾ ਕਬਜ਼ਾ ਲੈਣ ਵਿੱਚ ਮਦਦ ਕੀਤੀ ਜਾ ਸਕੇ। ਮਾਮਲੇ ਦਾ ਨੋਟਿਸ ਲੈਂਦਿਆਂ, ਮੁੱਖ ਸਕੱਤਰ ਅਨੁਰਾਗ ਵਰਮਾ ਨੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਸਾਰੇ ਡਿਪਟੀ ਕਮਿਸ਼ਨਰਾਂ, NHAI ਪ੍ਰੋਜੈਕਟ ਡਾਇਰੈਕਟਰਾਂ ਅਤੇ ਪੰਜਾਬ ਪੁਲਿਸ ਦੇ ਏਡੀਜੀਪੀ ਨਾਲ ਇੱਕ ਮੈਰਾਥਨ ਮੀਟਿੰਗ ਕੀਤੀ।

NHAI ਦੀ ਕਾਰਵਾਈ ’ਤੇ ਵਿਰੋਧੀ ਧਿਰ ਦੇ ਬਿਆਨ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਬੰਧੀ ਨਿਊਜ਼ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਲਿਖਿਆ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ 3 ਹਾਈਵੇਅ ਪ੍ਰੋਜੈਕਟ ਰੱਦ ਕਰ ਦਿੱਤੇ ਹਨ, ਜਿਸ ’ਤੇ 3,303 ਕਰੋੜ ਰੁਪਏ ਖ਼ਰਚ ਕੀਤੇ ਜਾਣੇ ਸਨ। ਇਸ ਦੇ ਪਿੱਛੇ ਵੱਡਾ ਕਾਰਨ ਹੈ ਜ਼ਮੀਨ ਐਕਵਾਇਰ ਕਰਨ ਵਿੱਚ ਸੂਬਾ ਸਰਕਾਰ ਫੇਲ੍ਹ ਸਾਬਿਤ ਹੋਈ ਹੈ। ਸਿਰਫ਼ ਇੰਨਾਂ ਹੀ ਨਹੀਂ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਦਾਅਵਾ ਕੀਤੀ ਹੈ ਕਿ ਕੇਂਦਰ 4,942 ਕਰੋੜ ਦੇ 4 ਹੋਰ ਪ੍ਰਜੈਕਟ ਰੱਦ ਕਰਨ ਦੇ ਵਿਚਾਰ ਕਰ ਰਿਹਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਤੰਜ ਕੱਸ ਦੇ ਹੋਏ ਕਿਹਾ ਇਸ ਦੇ ਬਾਵਜੂਦ ਮੁੱਖ ਮੰਤਰੀ ਸਿਰਫ ਤਮਾਸ਼ੇ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਕਿਹਾ ਸਾਡੀ ਪਾਰਟੀ ਇਨ੍ਹਾਂ ਸਾਰੇ ਪੈਂਡਿੰਗ ਮੁੱਦਿਆਂ ਨੂੰ ਹੱਲ ਕਰੇਗੀ ਅਤੇ ਕਿਸਾਨਾਂ ਨੂੰ ਮੁਆਵਜ਼ਾ ਵੀ ਦਿਵਾਏਗੀ ਤਾਂ ਭਵਿੱਖ ਵਿੱਚ ਕਿਸੇ ਪ੍ਰੋਜੈਕਟ ਨੂੰ ਰੱਦ ਨਾ ਕੀਤਾ ਜਾਵੇ।

ਉੱਧਰ ਗੁਰਦਾਸਪੁਰ ਤੋਂ ਕਾਂਗਰਸ ਦੇ ਐੱਮਪੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਕੇਂਦਰ ਵੱਲੋਂ ਹਾਈਵੇਅ ਪ੍ਰੋਜੈਕਟ ਰੱਦ ਕਰਨ ਤੇ ਸੂਬਾ ਸਰਕਾਰ ਨੂੰ ਘੇਰਿਆ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲਾਪਰਵਾਹੀਆਂ ਅਤੇ ਨਾਦਾਨੀਆਂ ਦਾ ਅੰਜਾਮ ਪੰਜਾਬੀਆਂ ਨੂੰ ਇਸ ਤਰ੍ਹਾ ਭੁਗਤਣਾ ਪੈ ਰਿਹਾ ਹੈ। ਇਸ ਤਰ੍ਹਾ ਅਹਿਮ ਪ੍ਰੋਜੈਕਟਾਂ ਨੂੰ ਰੱਦ ਕਰ ਦੇਣ ਦਾ ਨੁਕਸਾਨ ਪੰਜਾਬ, ਪੰਜਾਬੀ ਅਤੇ ਉਸਦੇ ਆਰਥਿਕ ਢਾਂਚੇ ਨੂੰ ਝੱਲਣਾ ਪਵੇਗਾ।

ਇਹ ਵੀ ਪੜ੍ਹੋ – ਖਨੌਰੀ ਬਾਰਡਰ ਨੂੰ ਲੈ ਕੇ ਚਰਚਾ ਹੋਈ ਤੇਜ, ਹਾਈਕੋਰਟ ਨੇ ਕੀਤੀ ਇਹ ਟਿੱਪਣੀ