‘ਦ ਖ਼ਾਲਸ ਬਿਊਰੋ:- ਅੱਜ ਆਮ ਆਦਮੀ ਪਾਰਟੀ, ਪੰਜਾਬ ਨੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਜੰਤਰ-ਮੰਤਰ ‘ਚ ਵਿਰੋਧ ਪ੍ਰਦਰਸ਼ਨ ਕੀਤਾ। ਕਿਸਾਨ ਅੰਦੋਲਨ ਨੂੰ ਸਮਰਪਿਤ ਇਸ ਅੰਦੋਲਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਜਨਤਕ ਤੌਰ ‘ਤੇ ਦਿਖਾਈ ਦਿੱਤੇ। ਭਗਵੰਤ ਮਾਨ ਸਮੇਤ ਸਾਰੇ ਆਪ ਲੀਡਰਾਂ ਨੇ ਇਸ ਸੰਘਰਸ਼ ਵਿੱਚ ਹਿੱਸਾ ਲਿਆ। ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਅਸੀਂ ਕਿਸਾਨਾਂ ਦੇ ਹੱਕ ਵਿੱਚ ਖੜ੍ਹੇ ਹਾਂ। ਪੂਰੇ ਦੇਸ਼ ਵਿੱਚ ਸਿਰਫ ਛੇ ਫੀਸਦੀ ਫਸਲ ਹੀ MSP ਦੇ ਤਹਿਤ ਚੁੱਕੀ ਜਾਂਦੀ ਹੈ। ’ ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਕਿਹਾ।
ਇਸ ਦੌਰਾਨ ਜੰਤਰ-ਮੰਤਰ ‘ਤੇ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਇਨ੍ਹਾਂ ਵਰਕਰਾਂ ਨੂੰ ਚਾਰ ਬੱਸਾਂ ਵਿੱਚ ਗ੍ਰਿਫਤਾਰ ਕਰਕੇ ਲਿਜਾਇਆ ਸੀ।
ਪ੍ਰਦਰਸ਼ਨ ਦੌਰਾਨ ਭਗਵੰਤ ਮਾਨ ਨੇ ਕਿਹਾ ਸੀ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਹਰ ਪ੍ਰਕਾਰ ਦੀ ਲੜਾਈ ਲੜਾਂਗੇ। ਭਗਵੰਤ ਮਾਨ ਨੇ ਗ੍ਰਾਮ ਸਭਾਵਾਂ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਅਸੀਂ ਜ਼ਮੀਨੀ ਪੱਧਰ ‘ਤੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੁੱਧ ਕਾਨੂੰਨੀ ਦਸਤਾਵੇਜ਼ ਤਿਆਰ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਜਿੱਥੋਂ ਤੱਕ ਹੋ ਸਕੇ, ਲੜਾਈ ਲੜਾਂਗੇ, ਭਾਵੇਂ ਸਾਨੂੰ ਸੁਪਰੀਮ ਕੋਰਟ ਹੀ ਕਿਉਂ ਨਾ ਜਾਣਾ ਪਵੇ।