ਅੰਮ੍ਰਿਤਸਰ: ਨਾਮਧਾਰੀ ਸਿੱਖਾਂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ‘ਪੰਥ ਰਤਨ’ ਨਾਲ ਸਨਮਾਨਿਤ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਨਾਮਧਾਰੀ ਸਿੱਖਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੰਗ ਪੱਤਰ ਵੀ ਸੌਂਪਿਆ ਹੈ।
ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ 10 ਸਾਲਾਂ ਵਾਸਤੇ ਭਾਰਤ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਤੇ ਸੁਸ਼ੋਭਿਤ ਹੋਣ ਕਾਰਨ ਸਿੱਖ ਪੰਥ ਦੀ ਸਾਖ ਸੰਸਾਰ ਭਰ ਵਿੱਚ ਵਧੀ ਹੈ। ਭਾਰਤ ਦੇ ਪ੍ਰਧਾਨ ਮੰਤਰੀ ਸਿੱਖ ਪ੍ਰਧਾਨ ਸੈਨਾਪਤੀ ਸਿੱਖ ਮੰਤਰੀ ਸਿੱਖ ਉਪ ਪ੍ਰਧਾਨ ਸਿੱਖ ਪਲੈਨਿੰਗ ਕਮਿਸ਼ਨ ਦੇ ਚੇਅਰਮੈਨ ਸਿੱਖ ਸੀ। 1984 ਦੇ ਘਲੂਘਾਰੇ ਦੇ ਬਾਅਦ ਮਨਮੋਹਨ ਸਿੰਘ ਪ੍ਰਧਾਨ ਮੰਤਰੀ ਬਣਨ ਕਰਕੇ ਹੀ ਇੱਕੋ ਸਮੇਂ ਵਿੱਚ ਇਹਨੇ ਕੇਸਾਧਾਰੀ ਸਿੱਖ ਭਾਰਤ ਸਰਕਾਰ ਵਿੱਚ ਬਹੁਤ ਸਾਰੀਆਂ ਉੱਚ ਪਦਵੀਆਂ ਉੱਤੇ ਬਿਰਾਜਮਾਨ ਹੋਏ ਹਨ।
ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਅਸੀਂ ਅਕਾਲ ਤਖ਼ਤ ਸਾਹਿਬ ’ਤੇ ਮੰਗ ਪੱਤਰ ਦਿੱਤਾ ਹੈ ਜਿਸ ਵਿੱਚ ਅਸੀਂ ਬੇਨਤੀ ਕੀਤੀ ਹੈ ਕਿ ਡਾਕਟਰ ਮਨਮੋਹਨ ਸਿੰਘ ਨੂੰ ਪੰਥ ਰਤਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਥ ਰਤਨ ਦੇਣਾ ਹੈ ਜਾਂ ਨਹੀਂ, ਜਾਂ ਇਸ ਵਿੱਚ ਕੋਈ ਸ਼ਰਤ ਹੋਵੇਗੀ, ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹੀ ਦੱਸਣਗੇ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਦਾ ਸਰਵਉੱਚ ਅਸਥਾਨ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਰ ਇੱਕ ਸਿੱਖ ਨੂੰ ਬਣਦਾ ਸਤਿਕਾਰ ਦੇਣਾ ਚਾਹੀਦਾ ਹੈ ਜੋ ਆਪਣੀ ਕੌਮ ਲਈ ਚੰਗਾ ਕੰਮ ਕਰਦਾ ਹੈ।