‘ਦ ਖ਼ਾਲਸ ਬਿਊਰੋ:- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਵਿੱਚ ਆਪਣਾ ਰੇਲ ਰੋਕੋ ਸੰਘਰਸ਼ 17 ਅਕਤੂਬਰ ਤੱਕ ਵਧਾ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦਿੱਤੀ।
ਉਹਨਾਂ ਨੇ ਅੱਜ ਕੇਂਦਰ ਸਰਕਾਰ ਵੱਲੋਂ ਸੱਦੀ ਮੀਟਿੰਗ ਵਿੱਚ ਵੀ ਹਿੱਸਾ ਨਹੀਂ ਲਿਆ। ਉਹਨਾਂ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਗੱਲਬਾਤ ਦਾ ਸੱਦਾ ਦੇ ਰਹੀ ਹੈ ਜਦਕਿ ਦੂਜੇ ਪਾਸੇ ਪ੍ਰਧਾਨ ਮੰਤਰੀ ਮੁੰਬਈ ਤੇ ਹੋਰ ਥਾਵਾਂ ’ਤੇ ਕਿਸਾਨਾਂ ਬਾਰੇ ਹੋਰ ਹੀ ਦਾਅਵੇ ਕਰ ਰਹੇ ਹਨ।
ਅੱਜ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਹੋਈ ਮੀਟਿੰਗ ਬੇਸਿੱਟਾ ਰਹੀ। ਕਿਸਾਨਾਂ ਨੇ ਨਰਾਜ਼ ਹੋ ਕੇ ਮੀਟਿੰਗ ਦਾ ਬਾਈਕਾਟ ਕਰ ਦਿੱਤਾ। ਇਸ ਮੀਟਿੰਗ ਵਿੱਚ ਕਿਸਾਨਾਂ ਦੀ ਕੇਂਦਰ ਨਾਲ ਕੋਈ ਸਹਿਮਤੀ ਨਹੀਂ ਬਣੀ। ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ।