Punjab

ਗੁਰਦਾਸਪੁਰ ਦੇ 6 ਉਮੀਦਵਾਰ ਨਹੀਂ ਲੜ ਸਕਣਗੇ ਚੋਣਾਂ, 3 ਸਾਲਾਂ ਲਈ ਅਯੋਗ ਕਰਾਰ

ਗੁਰਦਾਸਪੁਰ: ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਦੇ ਤਹਿਤ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਹ ਸਾਰੇ 6 ਉਮੀਦਵਾਰ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਹਨ। ਇਲਜ਼ਾਮ ਹੈ ਕਿ ਇਨ੍ਹਾਂ ਆਗੂਆਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਤੈਅ ਸਮੇਂ ਅੰਦਰ ਆਪਣੇ ਚੋਣ ਖ਼ਰਚਿਆਂ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਨੂੰ ਚੋਣ ਲੜਨ ਲਈ ਅਯੋਗ ਐਲਾਨ ਦਿੱਤਾ ਗਿਆ ਹੈ।

15 ਜੁਲਾਈ 2024 ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੇ ਹੁਕਮਾਂ ਰਾਹੀਂ ਬਟਾਲਾ ਵਿਧਾਨ ਸਭਾ ਸੀਟ ਤੋਂ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜਨ ਵਾਲੇ ਸੁੱਚਾ ਸਿੰਘ ਨੂੰ ਵੀ ਅਯੋਗ ਕਰਾਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਕਾਦੀਆਂ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਪ੍ਰੇਮ ਸਿੰਘ ਅਤੇ ਹਰਦੀਪ ਸਿੰਘ ਨੂੰ ਵੀ ਅਯੋਗ ਐਲਾਨਿਆ ਗਿਆ ਹੈ। ਇਨ੍ਹਾਂ ਦੇ ਨਾਲ ਹੀ ਗੁਰਦਾਸਪੁਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਸੰਨੀ, ਕਰਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨ ਦਿੱਤਾ ਹੈ।