India

ਆਬਕਾਰੀ ਨੀਤੀ ਮਾਮਲੇ ’ਚ ਸਿਸੋਦੀਆ ਨੂੰ ਵੱਡੀ ਰਾਹਤ! ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ 17 ਮਹੀਨੇ ਜੇਲ੍ਹ ਕੱਟਣ ਤੋਂ ਬਾਅਦ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਤਿੰਨ ਦਿਨ ਪਹਿਲਾਂ 6 ਅਗਸਤ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥ ਦੀ ਬੈਂਚ ਨੇ ਇਸ ਮਾਮਲੇ ’ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਦਰਅਸਲ, ਹਾਈ ਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਦਿੱਲੀ ਹਾਈਕੋਰਟ ਦੇ ਫੈਸਲੇ ਖ਼ਿਲਾਫ਼ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।

ਸੁਪਰੀਮ ਕੋਰਟ ਨੇ ਸਿਸੋਦੀਆ ਨੂੰ ਤਿੰਨ ਸ਼ਰਤਾਂ ’ਤੇ ਜ਼ਮਾਨਤ ਦਿੱਤੀ ਹੈ। ਪਹਿਲਾ ਇਹ ਕਿ ਉਨ੍ਹਾਂ ਨੂੰ 10 ਲੱਖ ਰੁਪਏ ਦਾ ਬਾਂਡ ਭਰਨਾ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਦੋ ਜ਼ਮਾਨਤਦਾਰ ਵੀ ਪੇਸ਼ ਕਰਨੇ ਪੈਣਗੇ। ਜਦਕਿ ਤੀਜੀ ਸ਼ਰਤ ਇਹ ਹੈ ਕਿ ਉਹ ਆਪਣਾ ਪਾਸਪੋਰਟ ਸਰੰਡਰ ਕਰਨਗੇ।

ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਕਿਹਾ, “ਜ਼ਮਾਨਤ ਦੇ ਮਾਮਲੇ ’ਚ ਹਾਈਕੋਰਟ ਅਤੇ ਹੇਠਲੀ ਅਦਾਲਤ ਸੁਰੱਖਿਅਤ ਭੂਮਿਕਾ ਨਿਭਾਅ ਰਹੀ ਹੈ। ਹੁਣ ਸਮਾਂ ਆ ਗਿਆ ਹੈ ਕਿ ਅਦਾਲਤਾਂ ਇਹ ਸਮਝਣ ਕਿ ਜ਼ਮਾਨਤ ਇੱਕ ਨਿਯਮ ਹੈ ਅਤੇ ਜੇਲ੍ਹ ਇੱਕ ਅਪਵਾਦ ਹੈ।” 

ਵਧੀਕ ਸਾਲਿਸਟਰ ਜਨਰਲ ਐਸਵੀ ਰਾਜੂ ਨੇ ਅੱਜ ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਕਿ ਮਨੀਸ਼ ਸਿਸੋਦੀਆ ਨੂੰ ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਜਾਵੇ, ਪਰ ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਕਿ ਅਸੀਂ ਇਸ ਦੀ ਇਜਾਜ਼ਤ ਨਹੀਂ ਦੇ ਸਕਦੇ। ਆਜ਼ਾਦੀ ਦਾ ਕਾਰਨ ਹਰ ਰੋਜ਼ ਮਹੱਤਵ ਰੱਖਦਾ ਹੈ।

ਪੂਰਾ ਮਾਮਲਾ 

ਮਨੀਸ਼ ਸਿਸੋਦੀਆ ਨੂੰ ਰੱਦ ਕੀਤੀ ਗਈ ਦਿੱਲੀ ਆਬਕਾਰੀ ਨੀਤੀ 2021-22 ਨੂੰ ਬਣਾਉਣ ਅਤੇ ਇਸ ਨੂੰ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਵਿੱਚ ਸ਼ਾਮਲ ਹੋਣ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ। ਪਹਿਲਾਂ 26 ਫਰਵਰੀ 2023 ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਬਾਅਦ ਵਿੱਚ, ਐਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਨੇ ਵੀ ਕਈ ਵੱਖ-ਵੱਖ ਇਲਜ਼ਾਮਾਂ ਦੇ ਤਹਿਤ ਸਿਸੋਦੀਆ ’ਤੇ ਕਾਰਵਾਈ ਕੀਤੀ।

ਭਗਵੰਤ ਮਾਨ ਨੇ ਕੀਤਾ ਟਵੀਟ 

ਮੁੱਖ ਮੰਤਰੀ ਭਗਵੰਤ ਮਾਨ ਨੇ ਸਿਸੋਦੀਆ ਨੂੰ ਜ਼ਮਾਨਤ ਮਿਲਣ ‘ਤੇ ਆਪਣੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਇਹ ਸੱਚਾਈ ਦੀ ਜਿੱਤ ਹੋਈ ਹੈ। ਉਨ੍ਹਾਂ ਲਿਖਿਆ – “ਸਚਾਈ ਦੀ ਜਿੱਤ ਹੈ ਮਨੀਸ਼ ਸਿਸੋਦੀਆ ਜੀ ਦੀ ਜ਼ਮਾਨਤ…”

ਰਾਘਵ ਚੱਡਾ ਵੱਲੋਂ ਸੁਪਰੀਮ ਕੋਰਟ ਦਾ ਧੰਨਵਾਦ

ਸਿਸੋਦੀਆ ਦੀ ਰਿਹਾਈ ਤੋਂ ਬਾਅਦ ਮੈਂਬਰ ਪਾਰਲੀਮੈਂਟ ਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਰਾਘਵ ਚੱਢਾ ਨੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ। ਐਕਸ ’ਤੇ ਟਵੀਟ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਦਿੱਲੀ ਸਿੱਖਿਆ ਕ੍ਰਾਂਤੀ ਦੇ ਨਾਇਕ ਮਨੀਸ਼ ਸਿਸੋਦੀਆ ਨੂੰ ਅੱਜ ਜ਼ਮਾਨਤ ਮਿਲਣ ’ਤੇ ਪੂਰੇ ਦੇਸ਼ ਵਿਚ ਖੁਸ਼ੀ ਦੀ ਲਹਿਰ ਹੈ। ਮੈਂ ਮਾਣਯੋਗ ਸੁਪਰੀਮ ਕੋਰਟ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹਾਂ। ਮਨੀਸ਼ ਜੀ ਨੂੰ 530 ਦਿਨ ਜੇਲ੍ਹ ਦੀਆਂ ਸਲਾਖਾਂ ਪਿੱਛੇ ਰੱਖਿਆ ਗਿਆ। ਉਨ੍ਹਾਂ ਦਾ ਕਸੂਰ ਸਿਰਫ ਇੰਨਾ ਸੀ ਕਿ ਉਨ੍ਹਾਂ ਗਰੀਬ ਬੱਚਿਆਂ ਨੂੰ ਚੰਗਾ ਭਵਿੱਖ ਦਿੱਤਾ। ਪਿਆਰੇ ਬੱਚੋ ਤੁਹਾਡੇ ਮਨੀਸ਼ ਅੰਕਲ ਵਾਪਸ ਆ ਰਹੇ ਹਨ।