‘ਦ ਖ਼ਾਲਸ ਬਿਊਰੋ:- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਇੱਕ ਦਿਨ ਲਈ ਹੋਰ ਵਧਾ ਦਿੱਤਾ ਗਿਆ ਹੈ। ਪਹਿਲਾਂ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਸੈਸ਼ਨ ਇੱਕ ਦਿਨ ਦੇ ਲਈ ਬੁਲਾਇਆ ਗਿਆ ਸੀ ਪਰ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਸ ਨੂੰ ਦੋ ਦਿਨ ਦਾ ਕਰ ਦਿੱਤਾ ਗਿਆ ਸੀ। ਅੱਜ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਚਾਰ ਇਤਿਹਾਸਕ ਬਿੱਲ ਪੇਸ਼ ਕਰਨ ਤੋਂ ਬਾਅਦ ਹੁਣ ਵਿਧਾਨ ਸਭਾ ਦਾ ਸੈਸ਼ਨ ਇੱਕ ਦਿਨ ਦੇ ਲਈ ਹੋਰ ਵਧਾ ਦਿੱਤਾ ਗਿਆ ਹੈ।
ਅੱਜ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਵਿੱਚ ਸੂਬੇ ਦੇ ਕਿਸਾਨਾਂ ਅਤੇ ਖੇਤੀਬਾੜੀ ਨੂੰ ਬਚਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ। ਇਸ ਮੌਕੇ ਉਨ੍ਹਾਂ ਨੇ ਸੂਬੇ ਦੀਆਂ ਸਮੂਹ ਸਿਆਸੀ ਧਿਰਾਂ ਨੂੰ ਪੰਜਾਬ ਦੀ ਰਾਖੀ ਕਰਨ ਦੀ ਭਾਵਨਾ ਨਾਲ ਆਪਣੇ ਸਿਆਸੀ ਹਿੱਤਾਂ ਤੋਂ ਉੱਪਰ ਉੱਠਣ ਦੀ ਅਪੀਲ ਕੀਤੀ ਹੈ। ਕੇਂਦਰ ਦੇ ਖੇਤੀ ਕਾਨੂੰਨ ਦੇ ਖ਼ਿਲਾਫ਼ ਪੰਜਾਬ ਵਿਧਾਨਸਭਾ ਵਿੱਚ 4 ਬਿਲ ਪੇਸ਼ ਕੀਤੇ ਗਏ ਹਨ। ਇੰਨ੍ਹਾਂ ਵਿੱਚ ਇੱਕ ਬਿੱਲ ਵਿੱਚ ਕਿਸਾਨਾਂ ਦੀ MSP ਦੀ ਰਾਖੀ ਦੇ ਲਈ ਵੱਡਾ ਐਲਾਨ ਕੀਤਾ ਗਿਆ ਹੈ।