Punjab

ਮਹਿਲਾ ਕਮਿਸ਼ਨ ਨੇ ਛੇ ਧੀਆਂ ਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ! ਪਰਚਾ ਦਰਜ, ਮੁਲਜ਼ਮ ਗ੍ਰਿਫਤਾਰ

ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਦੇ ਇੱਕ ਪਿੰਡ ਵਿੱਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਖਬਰਾਂ ਦਾ ਸਖਤ ਨੋਟਿਸ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਬੀਤੇ ਦਿਨੀ ਜ਼ਿਲ੍ਹਾ ਮੁਕਤਸਰ ਦੇ ਇੱਕ ਪਿੰਡ ਵਿੱਚ ਵਿਅਕਤੀ ਵੱਲੋਂ ਨਾਬਾਲਗ ਲੜਕੀ ਨਾਲ ਛੇੜਛਾੜ ਕੀਤੀ ਗਈ ਅਤੇ ਜਦੋਂ ਲੜਕੀ ਦੇ ਪਰਿਵਾਰ ਨੇ ਉਸ ਦਾ ਵਿਰੋਧ ਕੀਤਾ ਤਾਂ ਵਿਅਕਤੀ ਨੇ ਪਰਿਵਾਰ ਦੀਆਂ ਛੇ ਧੀਆਂ ਅਤੇ ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਘਟਨਾ ਉਪਰੰਤ ਇਹ ਪਰਿਵਾਰ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਵੀ ਰਿਹਾ।

ਚੇਅਰਪਰਸਨ ਗਿੱਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਮਾਂ ਬੀਤਣ ਦੇ ਬਾਵਜੂਦ ਵੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਬੰਧਿਤ ਪੁਲਿਸ ਥਾਣੇ ਵੱਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ ਸੀ। ਉਨ੍ਹਾ ਦੱਸਿਆ ਕਿ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਦੋਸ਼ੀ ਵਿਅਕਤੀ ਵਿਰੁੱਧ ਪੁਲਿਸ ਨੇ ਪਰਚਾ ਦਰਜ ਕਰ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਚੇਅਰਪਰਸਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਿਲਾਵਾਂ ਵਿਰੁੱਧ ਕਿਸੇ ਤਰ੍ਹਾਂ ਦਾ ਜੁਰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਮਹਿਲਾ ਨੂੰ ਉਸਦਾ ਬਣਦਾ ਮਾਨ-ਸਨਮਾਨ ਦੇਣਾ ਸੂਬਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਪੀੜਿਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਲੈ ਕੇ ਦਿੱਤਾ ਫੈਸਲਾ, ਸਰਵਨ ਪੰਧੇਰ ਇਸ ਦਿਨ ਦੇਣਗੇ ਕੋਈ ਜਵਾਬ