India

ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਅਤੇ ‘ਆਪ’ ਵਿਚਾਲੇ ਗਠਜੋੜ ਦੀ ਹਲਚਲ ਤੇਜ਼

ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗਠਜੋੜ ਲਈ ਗੱਲਬਾਤ ਚੱਲ ਰਹੀ ਹੈ ਅਤੇ ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ‘ਆਪ’ ਨੇ 10 ਸੀਟਾਂ ਦੀ ਮੰਗ ਕੀਤੀ ਹੈ।  BBC ਦੀ ਖ਼ਬਰ ਦੇ ਮੁਤਾਬਕ ਹਰਿਆਣਾ ਕਾਂਗਰਸ ਦੇ ਇੰਚਾਰਜ ਦੀਪਕ ਬਾਰੀਆ ਨੇ ਵੀ ਕਿਹਾ ਹੈ ਕਿ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਦੀ ਗੱਲਬਾਤ ਚੱਲ ਰਹੀ ਹੈ ਅਤੇ ਜਲਦੀ ਹੀ ਕੋਈ ਫੈਸਲਾ ਲਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ, ‘ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਗੱਲਬਾਤ ਸ਼ੁਰੂਆਤੀ ਦੌਰ ‘ਚ ਹੈ ਅਤੇ ਜੇਕਰ ਅਗਲੇ ਦੋ ਦਿਨਾਂ ‘ਚ ਕੋਈ ਫੈਸਲਾ ਹੁੰਦਾ ਹੈ ਤਾਂ ਇਸ ਦੀ ਜਾਣਕਾਰੀ ਦਿੱਤੀ ਜਾਵੇਗੀ।’ ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਮੁਤਾਬਕ ਕਾਂਗਰਸ ਨੇ ਆਮ ਆਦਮੀ ਪਾਰਟੀ ਨੂੰ ਸੱਤ ਸੀਟਾਂ ਦੇਣ ਦਾ ਪ੍ਰਸਤਾਵ ਰੱਖਿਆ ਹੈ।

ਹਰਿਆਣਾ ਆਮ ਆਦਮੀ ਪਾਰਟੀ ਦੇ ਪ੍ਰਧਾਨ ਸੁਸ਼ੀਲ ਗੁਪਤਾ ਨੇ ਮੰਗਲਵਾਰ ਨੂੰ ਕਿਹਾ, “ਰਾਸ਼ਟਰੀ ਲੀਡਰਸ਼ਿਪ ਤੋਂ ਮਿਲੇ ਆਦੇਸ਼ਾਂ ਦੇ ਤਹਿਤ, ਅਸੀਂ ਸਾਰੀਆਂ 90 ਵਿਧਾਨ ਸਭਾ ਸੀਟਾਂ ਲਈ ਤਿਆਰੀਆਂ ਕਰ ਰਹੇ ਹਾਂ। ਅਸੀਂ ਪਰਿਵਾਰ ਜੋੜੋ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।”

ਦੀਪਕ ਵਾਬੜੀਆ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕਾਂਗਰਸ ਦੀ ਕੇਂਦਰੀ ਕਮੇਟੀ ਵਿਚ 49 ਸੀਟਾਂ ‘ਤੇ ਚਰਚਾ ਹੋਈ ਅਤੇ ਬਾਕੀ 41 ਸੀਟਾਂ ‘ਤੇ ਸੁਝਾਅ ਭੇਜੇ ਗਏ ਹਨ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵਾਂ ‘ਤੇ ਨਿਸ਼ਾਨਾ ਸਾਧਦਿਆਂ ਦੋਵਾਂ ਪਾਰਟੀਆਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਹਨ।