ਬਿਉਰੋ ਰਿਪੋਰਟ: ਪੰਜਾਬ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸਮੇਂ ਸਿਰ ਨਾ ਕਰਵਾਉਣ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੀ ਬੈਂਚ ਨੇ ਮੰਗਲਵਾਰ ਨੂੰ ਸਰਕਾਰ ਨੂੰ ਸਵਾਲ ਕੀਤਾ ਕਿ ਕਾਰਜਕਾਲ ਖ਼ਤਮ ਹੋਣ ਦੇ ਬਾਵਜੂਦ ਚੋਣਾਂ ਕਿਉਂ ਨਹੀਂ ਕਰਵਾਈਆਂ ਗਈਆਂ? ਹਾਈਕੋਰਟ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ 23 ਸਤੰਬਰ ਤੱਕ ਵਿਸਥਾਰਤ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
ਮਲੇਰਕੋਟਲਾ ਦੇ ਵਸਨੀਕ ਬੇਅੰਤ ਸਿੰਘ ਵੱਲੋਂ ਦਾਇਰ ਜਨਹਿਤ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੀਆਂ 42 ਨਗਰ ਕੌਂਸਲਾਂ ਦਾ ਕਾਰਜਕਾਲ ਖ਼ਤਮ ਹੋਏ ਕਈ ਮਹੀਨੇ ਬੀਤ ਚੁੱਕੇ ਹਨ। ਇਨ੍ਹਾਂ ਵਿੱਚੋਂ ਕਈ ਕੌਂਸਲਾਂ ਦਾ ਕਾਰਜਕਾਲ ਦੋ ਸਾਲ ਤੋਂ ਵੱਧ ਸਮਾਂ ਪਹਿਲਾਂ ਖ਼ਤਮ ਹੋ ਗਿਆ ਸੀ। ਪਟੀਸ਼ਨਰ ਨੇ ਅਦਾਲਤ ਨੂੰ ਦੱਸਿਆ ਕਿ ਸੂਬੇ ਦੇ ਕਈ ਖੇਤਰਾਂ ਵਿੱਚ ਵਿਕਾਸ ਕਾਰਜ ਠੱਪ ਪਏ ਹਨ।
ਅਦਾਲਤ ਵਿੱਚ ਇਹ ਵੀ ਦੱਸਿਆ ਗਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ 1 ਅਗਸਤ 2023 ਨੂੰ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਚੋਣਾਂ 1 ਨਵੰਬਰ ਨੂੰ ਕਰਵਾਈਆਂ ਜਾਣਗੀਆਂ। ਪਰ ਅਜੇ ਤੱਕ ਚੋਣਾਂ ਨਹੀਂ ਹੋਈਆਂ। ਪਟੀਸ਼ਨਰ ਨੇ 5 ਜੁਲਾਈ ਨੂੰ ਸਰਕਾਰ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਸੀ, ਜਿਸ ਦਾ ਕੋਈ ਜਵਾਬ ਨਹੀਂ ਮਿਲਿਆ।
ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਸਰਕਾਰ ਨੂੰ ਸੰਵਿਧਾਨ ਅਨੁਸਾਰ ਸਮੇਂ ਸਿਰ ਚੋਣਾਂ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਜਾਣ ਤਾਂ ਜੋ ਨਗਰ ਕੌਂਸਲਾਂ ਦਾ ਕਾਰਜਕਾਲ ਖ਼ਤਮ ਹੋਣ ਤੋਂ ਪਹਿਲਾਂ ਨਵੀਆਂ ਚੋਣਾਂ ਕਰਵਾਈਆਂ ਜਾ ਸਕਣ।