ਬਿਉਰੋ ਰਿਪੋਰਟ (ਪਿਪਲੀ): ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਕੁਰੂਕਸ਼ੇਤਰ ਦੇ ਪਿਪਲੀ ਦੀ ਅਨਾਜ ਮੰਡੀ ਵਿੱਚ ਇੱਕ ਮਹਾਂ ਪੰਚਾਇਤ ਕੀਤੀ ਗਈ। ਇਸ ਮੌਕੇ ਪੰਜਾਬ, ਹਰਿਆਣਾ, ਰਾਜਸਥਾਨ, ਯੂਪੀ, ਉੱਤਰਾਖੰਡ, ਮੱਧ ਪ੍ਰਦੇਸ਼ ਅਤੇ ਗੁਜਰਾਤ ਦੇ ਕਿਸਾਨ ਆਗੀਆਂ ਨੇ ਸ਼ਿਰਕਤ ਕੀਤੀ। ਕਿਸਾਨ ਆਗੂਆਂ ਨੇ 3 ਅਕਤੂਬਰ ਨੂੰ ਦੇਸ਼ ਭਰ ਵਿੱਚ 12:30 ਤੋਂ 2:30 ਵਜੇ ਤੱਕ ਰੇਲ ਰੋਕੋ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਕਿਸਾਨਾਂ ਨੂੰ ਇਨਸਾਫ ਨਹੀਂ ਮਿਲਦਾ ਉਹ ਚੁੱਪ ਨਹੀਂ ਬੈਠਣਗੇ।
ਇਸ ਦੇ ਨਾਲ ਹੀ ਨੌਜਵਾਨ ਕਿਸਾਨ ਸ਼ਹੀਦ ਸ਼ੁਭਕਰਨ ਸਿੰਘ ਨੂੰ ਯਾਦ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਸ਼ਹੀਦ ਸ਼ੁਭਕਰਨ ਸਿੰਘ ਨੂੰ ਸੱਚੀ ਸ਼ਰਧਾਂਜਲੀ ਤਾਂ ਹੀ ਹੋਵੇਗੀ ਜੇ ਸੂਬੇ ਵਿੱਚੋਂ ਭਾਜਪਾ ਸਰਕਾਰ ਨੂੰ ਵੱਡੀ ਸੰਖਿਆ ਦੇ ਨਾਲ ਹਰਾਇਆ ਜਾਵੇ। ਆਗੂਆਂ ਨੇ ਕਿਹਾ ਕਿ ਭਾਜਪਾ ਕੋਲੋਂ ਬਦਲਾ ਲੈਣ ਦਾ ਸਮਾਂ ਆ ਗਿਆ ਹੈ। ਇਸ ਮੌਕੇ ਤੇ ਭਾਈ ਪ੍ਰਿਤਪਾਲ ਸਿੰਘ ਵੀ ਆਪਣੇ ਪਰਿਵਾਰ ਸਮੇਤ ਪਹੁੰਚੇ ਸਨ। ਯਾਦ ਰਹੇ ਪ੍ਰਿਤਪਾਲ ਸਿੰਘ ਨੂੰ 21 ਫਰਬਰੀ ਨੂੰ ਹਰਿਆਣਾ ਪੁਲਿਸ ਨੇ ਬੋਰੀ ਵਿੱਚ ਪਾ ਕੇ ਖਨੋਰੀ ਬਾਰਡਰ ਤੋਂ ਉਸ ਨੂੰ ਚੱਕ ਲਿਆ ਸੀ ਅਤੇ ਬੜੀ ਬੇਰਹਿਮੀ ਨਾਲ ਉਸਦੀ ਕੁੱਟਮਾਰ ਕੀਤੀ ਸੀ।
ਇਕੱਠ ਨੂੰ ਸੰਬੋਧਨ ਕਰਦਿਆਂ ਬੀਕੇਯੂ ਸ਼ਹੀਦ ਭਗਤ ਸਿੰਘ ਦੇ ਪ੍ਰਧਾਨ ਅਮਰਜੀਤ ਸਿੰਘ ਮੋੜਦੀ ਨੇ ਹਰਿਆਣੇ ਦੇ ਕਿਸਾਨਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਉੱਤੇ ਚਾਨਣ ਪਾਇਆ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਫ਼ਸਲ ਬੀਮਾ ਯੋਜਨਾ ਤੋਂ ਭਾਜਪਾ ਸਰਕਾਰ ਨੇ ਹੱਥ ਪਿੱਛੇ ਖਿੱਚੇ, ਆਵਾਰਾ ਪਸ਼ੂਆਂ ਕਾਰਨ ਸਾਡੀ ਫ਼ਸਲ ਤੇ ਨਸਲ ਦਾ ਨੁਕਸਾਨ ਹੋ ਰਿਹਾ। ਉਨ੍ਹਾਂ ਦੱਸਿਆ ਕਿ ਆਵਾਰਾ ਪਸ਼ੂਆਂ ਦਾ ਪੱਕਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁਸਤਰਕਾ ਮਾਲਿਕਾਂਨਾ ਅਤੇ ਦੇਹ ਸ਼ਾਮਲਾਤ ਆਦਿ ਜ਼ਮੀਨਾਂ ਕਿਸਾਨਾਂ ਦੇ ਨਾਂ ਕੀਤੀਆਂ ਜਾਣ।
ਇਸ ਦੌਰਾਨ ਵੱਖ-ਵੱਖ ਆਗੂਆਂ ਨੇ ਭਾਜਪਾ ਦੀਆਂ ਕਿਸਾਨ ਮਾਰੂ ਨੀਤੀਆਂ ਅਤੇ ਕਾਰਪੋਰੇਟ ਪੱਖੀ ਨੀਤੀਆਂ ਦੇ ’ਤੇ ਵੀ ਚਰਚਾ ਕੀਤੀ। ਕਿਸਾਨ ਆਗੂਆਂ ਨੇ ਹਰਿਆਣਾ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੋਟ ਪਾਉਣ ਤੋਂ ਪਹਿਲਾਂ ਇਹ ਜ਼ਰੂਰ ਸੋਚ ਲੈਣ ਕਿ ਪਿਛਲੇ 10 ਸਾਲਾਂ ਵਿੱਚ ਮੌਜੂਦਾ ਸਰਕਾਰ ਨੇ ਕਿਸਾਨਾਂ ਅਤੇ ਕਿਸਾਨਾਂ ਦੇ ਸਬੰਧ ਦੇ ਵਿੱਚ ਕੀ ਕੀਤਾ?
ਪਿਛਲੀਆਂ ਲੋਕ ਸਭਾ ਚੋਣਾਂ ਦੇ ਤਰਕ ’ਤੇ ਇਸ ਵਾਰ ਵੀ ਕਿਸਾਨ ਆਗੂਆਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਪਿੰਡਾਂ ਵਿੱਚ ਸ਼ਾਂਤੀ ਦੇ ਨਾਲ ਭਾਜਪਾ ਦੇ ਆਗੂਆਂ ਤੋਂ ਸਵਾਲ ਪੁੱਛਣ ਨੂੰ ਕਿਹਾ ਅਤੇ ਉਨ੍ਹਾਂ ਕਿਹਾ ਕਿ ਜੇ ਭਾਜਪਾ ਦੇ ਆਗੂ ਜਵਾਬ ਨਹੀਂ ਦੇ ਪਾਉਂਦੇ ਤੇ ਉਨ੍ਹਾਂ ਦੇ ਵੀਡੀਓ ਬਣਾ ਕੇ ਵੀ ਵਾਇਰਲ ਕੀਤਾ ਜਾਵੇ, ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸੇ ਵੀ ਹਾਲਤ ਦੇ ਵਿੱਚ ਕਾਨੂੰਨ ਦੀ ਉਲੰਘਣਾ ਨਾ ਕੀਤੀ ਜਾਵੇ ਅਤੇ ਚੋਣਾਂ ਦਾ ਮਾਹੌਲ ਨਾ ਖਰਾਬ ਕੀਤਾ ਜਾਵੇ। ਪਿੰਡਾਂ ਦੇ ਵਿੱਚ ਅਤੇ ਸ਼ਹਿਰਾਂ ਦੇ ਵਿੱਚ ਕਾਂਗਰਸ ਦੇ ਉਮੀਦਵਾਰਾਂ ਤੋਂ ਵੀ ਪੁੱਛਿਆ ਜਾਵੇ ਕਿ ਜੇ ਉਹ ਸੱਤਾ ਦੇ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਦੀ ਸਰਕਾਰ ਸ਼ੰਭੂ ਤੇ ਖਨੌਰੀ ਬਾਰਡਰ ਨੂੰ ਖੋਲ੍ਹੇਗੀ ਕਿ ਨਹੀਂ।