India International

ਭਾਰਤ-ਕੈਨੇਡਾ ਵਿਚਾਲੇ ਵਧ ਰਿਹਾ ਕਲੇਸ਼! ਇੱਕ-ਦੂਜੇ ਦੇ 6-6 ਡਿਪਲੋਮੈਟਾਂ ਨੂੰ ਕੱਢਿਆ

Pm Narendra Modi and Justin Trudeau

ਬਿਉਰੋ ਰਿਪੋਰਟ: ਕੈਨੇਡਾ ਨਾਲ ਸਬੰਧਾਂ ਵਿੱਚ ਤਣਾਅ ਦਰਮਿਆਨ ਭਾਰਤ ਨੇ ਸੋਮਵਾਰ, 14 ਅਕਤੂਬਰ ਨੂੰ ਕਾਰਜਕਾਰੀ ਹਾਈ ਕਮਿਸ਼ਨਰ ਸਟੀਵਰਟ ਰੌਸ ਵ੍ਹੀਲਰ ਸਮੇਤ 6 ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ਵਿੱਚੋਂ ਕੱਢ ਦਿੱਤਾ। ਉਨ੍ਹਾਂ ਨੂੰ 19 ਅਕਤੂਬਰ ਦੀ ਅੱਧੀ ਰਾਤ 12 ਤੱਕ ਦਾ ਸਮਾਂ ਦਿੱਤਾ ਗਿਆ ਹੈ। ਦੂਜੇ ਪਾਸੇ ਰਾਇਟਰਜ਼ ਦੀ ਰਿਪੋਰਟ ਮੁਤਾਬਕ ਕੈਨੇਡਾ ਨੇ ਵੀ ਭਾਰਤ ਦੇ 6 ਡਿਪਲੋਮੈਟਾਂ ਨੂੰ ਦੇਸ਼ ਛੱਡਣ ਲਈ ਕਹਿ ਦਿੱਤਾ ਹੈ।

ਇਸ ਤੋਂ ਪਹਿਲਾਂ ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਵਿੱਚ ਆਪਣੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੂੰ ਵੀ ਵਾਪਸ ਬੁਲਾ ਲਿਆ ਹੈ। ਦਰਅਸਲ, ਇਹ ਕਾਰਵਾਈ ਐਤਵਾਰ ਨੂੰ ਟਰੂਡੋ ਸਰਕਾਰ ਵੱਲੋਂ ਭੇਜੇ ਗਏ ਪੱਤਰ ਤੋਂ ਬਾਅਦ ਹੋਈ ਹੈ। ਇਸ ਵਿੱਚ ਭਾਰਤੀ ਹਾਈ ਕਮਿਸ਼ਨਰ ਅਤੇ ਕੁਝ ਹੋਰ ਡਿਪਲੋਮੈਟਾਂ ਨੂੰ ਕੈਨੇਡੀਅਨ ਨਾਗਰਿਕ ਦੇ ਕਤਲ ਵਿੱਚ ਸ਼ੱਕੀ ਵਜੋਂ ਨਾਮਜ਼ਦ ਕੀਤਾ ਗਿਆ ਸੀ।

ਹਾਲਾਂਕਿ ਕੈਨੇਡੀਅਨ ਨਾਗਰਿਕ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਪਰ ਇਸ ਨੂੰ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਨਾਲ ਜੋੜਿਆ ਜਾ ਰਿਹਾ ਹੈ।

ਇਸ ਤੋਂ ਇੱਕ ਦਿਨ ਬਾਅਦ ਅੱਜ ਸ਼ਾਮ 6 ਵਜੇ ਭਾਰਤ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕੈਨੇਡਾ ਦੇ ਰਾਜਦੂਤ ਨੂੰ ਤਲਬ ਕਰਕੇ ਕਿਹਾ ਹੈ ਕਿ ਕੈਨੇਡਾ ਵੱਲੋਂ ਲਾਏ ਗਏ ਇਲਜ਼ਾਮ ਬੇਬੁਨਿਆਦ ਹਨ। ਇਸ ਤੋਂ ਬਾਅਦ ਭਾਰਤ ਨੇ ਕੈਨੇਡਾ ਵਿੱਚ ਆਪਣੇ ਹਾਈ ਕਮਿਸ਼ਨਰ ਅਤੇ ਹੋਰ ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦੀ ਜਾਣਕਾਰੀ ਦਿੱਤੀ।