India Punjab

ਸੁਪਰੀਮ ਕੋਰਟ ਵੱਲੋਂ ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰ ਤਲਬ, ਦਿੱਲੀ ਦੇ ਆਸ-ਪਾਸ ਦੇ ਇਲਾਕਿਆਂ ’ਚ ਪ੍ਰਦੂਸ਼ਣ ਦਾ ਮਾਮਲਾ

ਦਿੱਲੀ : ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਜਿਸ ਸਬੰਧੀ ਦੇਸ਼ ਦੀ ਸਰਬ ਉੱਚ ਅਦਾਲਤ ਸਖ਼ਤ ਨਜਰ ਆ ਰਹੀ ਹੈ। ਦਿੱਲੀ ਵਿੱਚ ਵਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਐਫਆਈਆਰ ਦਰਜ ਕਰਕੇ ਕਾਰਵਾਈ ਨਾ ਕੀਤੇ ਜਾਣ ਤੋਂ ਨਾਰਾਜ਼ ਸੁਪਰੀਮ ਕੋਰਟ ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਅਗਲੇ ਬੁੱਧਵਾਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਰਾਜ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਮਾਮੂਲੀ ਜੁਰਮਾਨੇ ਲਗਾ ਕੇ ਲੋਕਾਂ ਨੂੰ ਛੱਡ ਰਿਹਾ ਹੈ।

ਇਸ ਤਰ੍ਹਾਂ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਅਦਾਲਤ ਨੇ ਕਿਹਾ ਕਿ ਇਹ ਕੋਈ ਸਿਆਸੀ ਮੁੱਦਾ ਨਹੀਂ ਹੈ, ਸੂਬਾ ਸਰਕਾਰ ਉਚਿਤ ਧਾਰਾਵਾਂ ਤਹਿਤ ਐਫਆਈਆਰ ਦਰਜ ਕਰਨ ਤੋਂ ਕਿਉਂ ਬਚ ਰਹੀ ਹੈ।

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦਾ ਰਵੱਈਆ ਹਰਿਆਣਾ ਵਰਗਾ ਹੀ ਹੈ। ਪਿਛਲੇ ਤਿੰਨ ਸਾਲਾਂ ਵਿੱਚ ਪਰਾਲੀ ਸਾੜਨ ਦੇ ਦੋਸ਼ ਵਿੱਚ ਕਿਸੇ ਵੀ ਵਿਅਕਤੀ ਖ਼ਿਲਾਫ਼ ਮੁਕੱਦਮਾ ਨਹੀਂ ਚਲਾਇਆ ਗਿਆ, ਸਿਰਫ਼ ਮਾਮੂਲੀ ਜੁਰਮਾਨਾ ਲਗਾਇਆ ਗਿਆ ਅਤੇ ਉਨ੍ਹਾਂ ਨੂੰ ਛੱਡ ਦਿੱਤਾ ਗਿਆ।

ਅਦਾਲਤ ਨੇ ਪੰਜਾਬ ਸਰਕਾਰ ਦੇ ਵਕੀਲ ਨੂੰ ਕਿਹਾ ਕਿ ਪਿਛਲੀ ਸੁਣਵਾਈ ਦੌਰਾਨ ਤੁਸੀਂ ਕੇਂਦਰ ਸਰਕਾਰ ‘ਤੇ ਅਸਹਿਯੋਗ ਦਾ ਦੋਸ਼ ਲਗਾਇਆ ਸੀ ਪਰ ਕੀ ਤੁਸੀਂ ਕੇਂਦਰ ਸਰਕਾਰ ਨੂੰ ਟਰੈਕਟਰਾਂ ਜਾਂ ਡੀਜ਼ਲ ਲਈ ਫੰਡਾਂ ਦੀ ਮੰਗ ਕਰਨ ਲਈ ਕੋਈ ਪ੍ਰਸਤਾਵ ਭੇਜਿਆ ਹੈ? ਜਦੋਂ ਤੁਸੀਂ ਕੇਂਦਰ ਸਰਕਾਰ ਨੂੰ ਅਜਿਹਾ ਕੋਈ ਪ੍ਰਸਤਾਵ ਨਹੀਂ ਭੇਜੋਗੇ, ਤਾਂ ਤੁਸੀਂ ਉਨ੍ਹਾਂ ਤੋਂ ਕੋਈ ਉਮੀਦ ਕਿਵੇਂ ਰੱਖ ਸਕਦੇ ਹੋ?