Punjab

ਸ਼੍ਰੋਮਣੀ ਅਕਾਲੀ ਦਲ ਨੇ ਬੁਲਾਈ ਕੋਰ ਕਮੇਟੀ ਦੀ ਮੀਟਿੰਗ! SGPC ਤੇ ਜ਼ਿਮਨੀ ਚੋਣਾਂ ਬਾਰੇ ਹੋਵੇਗੀ ਚਰਚਾ

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਨੇ 22 ਅਕਤੂਬਰ ਦਿਨ ਮੰਗਲਵਾਰ ਨੂੰ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿੱਚ ਦੁਪਹਿਰ 12 ਵਜੇ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਚੀਮਾ ਨੇ ਆਪਣੇ ਸੋਸ਼ਲ ਮੀਡੀਆ ’ਤੇ ਪੋਸਟ ਜਾਰੀ ਕਰਦਿਆਂ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।

ਚੀਮਾ ਦੀ ਪੋਸਟ ਮੁਤਾਬਕ ਇਸ ਮੀਟਿੰਗ ਵਿੱਚ ਆਉਣ ਵਾਲੀਆਂ ਚਾਰ ਜ਼ਿਮਨੀ ਚੋਣਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ 28 ਅਕਤੂਬਰ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਬਾਰੇ ਵੀ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗਾ।

ਤੀਜਾ, ਸ਼੍ਰੋਮਣੀ ਅਕਾਲੀ ਦਲ ਸੂਬੇ ਵਿੱਚ ਝੋਨੇ ਦੀ ਖ਼ਰੀਦ ਦੇ ਵੱਡੇ ਸੰਕਟ ਦਾ ਵੀ ਜਾਇਜ਼ਾ ਲਵੇਗਾ। ਨਾ ਤਾਂ ਝੋਨਾ ਖ਼ਰੀਦਿਆ ਜਾ ਰਿਹਾ ਹੈ ਅਤੇ ਨਾ ਹੀ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਹੋ ਰਹੀ ਹੈ। ਕਿਸਾਨ ਹੁਣ ਤੱਕ ਦੇ ਸਭ ਤੋਂ ਮਾੜੇ ਸੰਕਟ ਦਾ ਸਾਹਮਣਾ ਕਰ ਰਹੇ ਹਨ।

ਇਸ ਤੋਂ ਇਲਾਵਾ ਮੀਟਿੰਗ ਵਿੱਚ ਮੌਜੂਦਾ ਸਿਆਸੀ ਸਥਿਤੀ ’ਤੇ ਵੀ ਚਰਚਾ ਕੀਤੀ ਜਾਵੇਗੀ ਜਿਸ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਕੀਤੀ ਜਾਵੇਗੀ।