Punjab

ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ: ਮਾਲਵਿੰਦਰ ਮਾਲੀ ਨੇ ਆਪਣੀ ਗ੍ਰਿਫ਼ਤਾਰੀ ਨੂੰ ਦਿੱਤੀ ਚੁਣੌਤੀ

ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਰਹੇ ਮਾਲਵਿੰਦਰ ਸਿੰਘ ਮਾਲੀ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮਾਲੀ ਨੇ ਇਸ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੰਦਿਆਂ ਆਪਣੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਖ਼ਿਲਾਫ਼ ਦਰਜ ਕੀਤੇ ਕੇਸ ਨੂੰ ਚੁਣੌਤੀ ਦਿੱਤੀ ਹੈ। ਇਸ ’ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 21 ਅਕਤੂਬਰ ਤੱਕ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪੂਰਾ ਮਾਮਲਾ

16 ਸਤੰਬਰ ਨੂੰ ਮਾਲਵਿੰਦਰ ਸਿੰਘ ਮਾਲੀ ਖ਼ਿਲਾਫ਼ ਮੁਹਾਲੀ ਵਿੱਚ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਇਲਜ਼ਾਮ ਹੇਠ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਮਾਲੀ ਆਪਣੀ ਗ੍ਰਿਫ਼ਤਾਰੀ ਦੇ ਬਾਅਦ ਤੋਂ ਹਿਰਾਸਤ ਵਿੱਚ ਹਨ। ਮਾਲੀ ਨੇ ਇਲਜ਼ਾਮ ਲਾਇਆ ਹੈ ਕਿ ਉਨ੍ਹਾਂ ਵਿਰੁੱਧ ਦਰਜ ਕੀਤਾ ਗਿਆ ਕੇਸ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਹੈ, ਕਿਉਂਕਿ ਉਹ ਲਗਾਤਾਰ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਦੀ ਆਲੋਚਨਾ ਕਰ ਰਹੇ ਸਨ।

ਮਾਲੀ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਉਹ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਕਈ ਵਾਰ ਆਵਾਜ਼ ਉਠਾ ਚੁੱਕੇ ਹਨ, ਜਿਸ ਕਾਰਨ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਅਜਿਹੀ ਕਾਰਵਾਈ ਕਰ ਰਹੀ ਹੈ।