Punjab

ਮੁਹਾਲੀ ’ਚ ਡੇਂਗੂ ਦਾ ਕਹਿਰ! ਹੁਣ ਤੱਕ 1359 ਮਰੀਜ਼ ਆਏ ਸਾਹਮਣੇ, ਕੁੱਲ 8977 ਨਮੂਨਿਆਂ ਦੀ ਹੋਵੇਗੀ ਜਾਂਚ

ਬਿਉਰੋ ਰਿਪੋਰਟ: ਮੁਹਾਲੀ ਵਿੱਚ ਡੇਂਗੂ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਡੇਂਗੂ ਦੇ ਕੁੱਲ 1359 ਮਰੀਜ਼ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ ਅੱਜ 12 ਨਵੇਂ ਕੇਸ ਸਾਹਮਣੇ ਆਏ ਹਨ। ਕੁੱਲ 8977 ਸੈਂਪਲ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ ਵਿੱਚੋਂ ਅੱਜ 56 ਸੈਂਪਲਾਂ ਦੀ ਜਾਂਚ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਦਵਿੰਦਰ ਕੁਮਾਰ ਨੇ ਦੱਸਿਆ ਕਿ ਡੇਂਗੂ ਦੇ ਮਾਮਲਿਆਂ ਵਿੱਚ ਹੋ ਰਿਹਾ ਵਾਧਾ ਚਿੰਤਾਜਨਕ ਹੈ, ਜਿਸ ਨਾਲ ਨਜਿੱਠਣ ਲਈ ਪੂਰੇ ਜ਼ਿਲ੍ਹੇ ਵਿੱਚ ਜਾਗਰੂਕਤਾ ਅਤੇ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਨੂੰ ਮੱਛਰ ਪੈਦਾ ਕਰਨ ਵਾਲੀਆਂ ਥਾਵਾਂ ਨੂੰ ਖ਼ਤਮ ਕਰਨ ਦੀ ਲੋੜ ਹੈ, ਜਿਵੇਂ ਕਿ ਪਾਣੀ ਭਰਨ ਵਾਲੀਆਂ ਥਾਵਾਂ ਨੂੰ ਸਾਫ਼ ਰੱਖਣਾ ਅਤੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣਾ।

ਸਿਵਲ ਸਰਜਨ ਨੇ ਕਿਹਾ ਕਿ ਰੋਜ਼ਾਨਾ ਚੈਕਅੱਪ ਲਈ ਆਉਣ ਵਾਲੇ ਮਰੀਜ਼ਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣੀ ਚਾਹੀਦੀ ਹੈ। ਉਨ੍ਹਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਮੱਛਰ ਪੈਦਾ ਕਰਨ ਵਾਲੀਆਂ ਥਾਵਾਂ ਨੂੰ ਖ਼ਤਮ ਕਰਨ ਦੇ ਨਾਲ-ਨਾਲ ਮੱਛਰਦਾਨੀ ਦੀ ਵਰਤੋਂ ਕਰਨ ਅਤੇ ਸਰੀਰ ’ਤੇ ਮੱਛਰ ਭਜਾਉਣ ਵਾਲੀਆਂ ਦਵਾਈਆਂ ਲਗਾਉਣ।

ਉਨ੍ਹਾਂ ਕਿਹਾ ਕਿ ਡੇਂਗੂ ਦੇ ਮਰੀਜ਼ਾਂ ਨੂੰ ਤੁਰੰਤ ਇਲਾਜ ਅਤੇ ਡਾਕਟਰੀ ਸਲਾਹ ਦੀ ਲੋੜ ਹੁੰਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਸੇ ਵੀ ਸ਼ੱਕੀ ਲੱਛਣ ਵਾਲੇ ਲੋਕਾਂ ਨੂੰ ਤੁਰੰਤ ਹਸਪਤਾਲ ਜਾ ਕੇ ਇਲਾਜ ਕਰਵਾਉਣ ਦੀ ਅਪੀਲ ਕੀਤੀ। ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਅਤੇ ਲੋਕਾਂ ਨੂੰ ਸਿਹਤ ਜਾਗਰੂਕਤਾ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ ਹੈ।