ਬਿਉਰੋ ਰਿਪੋਰਟ: ਲੁਧਿਆਣਾ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਿੰਦਾ ਨੇ ਇਹ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਤੋਂ ਬਾਅਦ ਲਿਆ ਹੈ। ਇਸ ਫੈਸਲੇ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਵੀ ਨਿਰਾਸ਼ਾ ਪਾਈ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਭਿੰਦਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਦੇ ਨਾਂ ਪੱਤਰ ਲਿਖਿਆ ਹੈ। ਪੱਤਰ ਵਿੱਚ ਭਿੰਦਾ ਨੇ ਲਿਖਿਆ ਕਿ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦੀ ਲੀਡਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਹੀ ਮੈਨੂੰ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਸੀ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਮੈਂ ਪਾਰਟੀ ਦੇ ਹਿੱਤ ਵਿੱਚ ਪੂਰੀ ਤਨਦੇਹੀ ਨਾਲ ਕੰਮ ਕੀਤਾ।
ਉਨ੍ਹਾਂ ਅੱਗੇ ਲਿਖਿਆ ਕਿ ਸੁਖਬੀਰ ਬਾਦਲ ਦੇ ਅਸਤੀਫੇ ਤੋਂ ਬਾਅਦ ਆਪਣਾ ਨੈਤਿਕ ਫਰਜ਼ ਸਮਝਦੇ ਹੋਏ ਮੈਂ ਆਪਣੇ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ, ਤਾਂ ਜੋ ਜੋ ਵੀ ਪਾਰਟੀ ਦਾ ਨਵਾਂ ਪ੍ਰਧਾਨ ਬਣੇ, ਉਹ ਆਪਣੀ ਪਸੰਦ ਦੇ ਕਿਸੇ ਵੀ ਵਿਅਕਤੀ ਨੂੰ ਪ੍ਰਧਾਨ ਨਿਯੁਕਤ ਕਰ ਸਕੇ। ਮੈਂ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਜ਼ਿਲ੍ਹਾ ਲੁਧਿਆਣਾ ਦੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਹਮੇਸ਼ਾ ਮੇਰਾ ਸਾਥ ਦਿੱਤਾ।