Punjab

ਤਨਖਾਹ ਪੂਰੀ ਕਰਨ ਤੋਂ ਬਾਅਦ ਅਕਾਲੀ ਲੀਡਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਨਤਮਸਤਕ

ਬਿਉਰੋ ਰਿਪੋਰਟ – ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ 5 ਸਿੰਘ ਸਾਹਿਬਾਨਾਂ ਵੱਲੋਂ ਲਗਾਈ ਤਨਖਾਹ ਪੂਰੀ ਕਰਨ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਅਕਾਲੀ ਆਗੂ ਵੀ ਮੌਜੂਦ ਸਨ। ਦੱਸ ਦੇਈਏ ਕਿ ਅਕਾਲੀ ਲੀਡਰਾਂ ਵੱਲੋਂ 10 ਦਿਨ ਦੀ ਤਨਖਾਹ ਪੂਰੀ ਕਰਨ ਤੋਂ ਬਾਅਦ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ ਹੈ।  ਅਕਾਲੀ ਲੀਡਰਾਂ ਵੱਲੋਂ ਬੀਤੇ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਸਜ਼ਾ ਦਾ ਆਖਰੀ ਦਿਨ ਪੂਰਾ ਕੀਤਾ ਸੀ। ਸੁਖਬੀਰ ਬਾਦਲ ਪਿਛਲੇ 10 ਦਿਨਾਂ ਵਿੱਚ ਸ੍ਰੀ ਮੁਕਤਸਰ ਸਾਹਿਬ, ਹਰਿਮੰਦਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ 2-2 ਦਿਨ ਦੀ ਸਜ਼ਾ ਪੂਰੀ ਕਰ ਚੁੱਕੇ ਹਨ। ਅੱਜ ਸੁਖਬੀਰ ਬਾਦਲ ਅੰਮ੍ਰਿਤਸਰ ਪਹੁੰਚਣਗੇ ਅਤੇ ਹੁਕਮਾਂ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੂੰ ਆਪਣੀ ਸਜ਼ਾ ਪੂਰੀ ਹੋਣ ਬਾਰੇ ਸੂਚਿਤ ਕਰਨਗੇ। ਇਸ ਤੋਂ ਬਾਅਦ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਆਪਣੀ ਸਜ਼ਾ ਪੂਰੀ ਕਰਨਗੇ।

ਸਜ਼ਾ ਸੁਣਾਉਂਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਪੱਸ਼ਟ ਕੀਤਾ ਸੀ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਨਵੇਂ ਸਿਰੇ ਤੋਂ ਕਾਇਮ ਕੀਤਾ ਜਾਵੇ। ਇਨ੍ਹਾਂ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਦੇਖ-ਰੇਖ ਹੇਠ ਇਕ ਕਮੇਟੀ ਦਾ ਗਠਨ ਕੀਤਾ ਗਿਆ।

ਜਿਸ ਦੀ ਜਿੰਮੇਵਾਰੀ 6 ਮਹੀਨਿਆਂ ਵਿੱਚ ਨਵੀਂ ਭਰਤੀ ਕਰਕੇ ਅਕਾਲੀ ਦਲ ਦਾ ਨਵਾਂ ਢਾਂਚਾ ਤਿਆਰ ਕਰਨਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੀ ਕੋਰ ਕਮੇਟੀ ਨੂੰ ਸੁਖਬੀਰ ਬਾਦਲ ਅਤੇ ਹੋਰਨਾਂ ਦੇ ਅਸਤੀਫ਼ੇ ਪ੍ਰਵਾਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ। ਹੁਣ ਜਦੋਂ ਸੁਖਬੀਰ ਬਾਦਲ ਦੀ ਸਜ਼ਾ ਖਤਮ ਹੋਣ ਜਾ ਰਹੀ ਹੈ ਤਾਂ ਉਨ੍ਹਾਂ ਦਾ ਅਸਤੀਫਾ ਕਿਸੇ ਵੇਲੇ ਵੀ ਪ੍ਰਵਾਨ ਹੋ ਸਕਦਾ ਹੈ ਅਤੇ ਅਕਾਲੀ ਦਲ ਦਾ ਨਵਾਂ ਢਾਂਚਾ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ।

ਇਹ ਵੀ ਪੜ੍ਹੋ – ਡੱਲੇਵਾਲ ਦਾ ਮਰਨ ਵਰਤ ਤੁੜਵਾਉਣ ਲਈ ਪਟੀਸ਼ਨ ਦਾਇਰ!