‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਰਗਾੜੀ ਬੇਅਦਬੀ ਮਾਮਲੇ ‘ਚ SIT ਦੀ ਜਾਂਚ ਜਾਰੀ ਰਹਿਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਰਿਵੀਊ ਪਟੀਸ਼ਨ ਖਾਰਜ ਕਰਦਿਆਂ SIT ਨੂੰ ਜਾਂਚ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਮੁਤਾਬਕ ਹਾਈਕੋਰਟ ਵਿੱਚ ਸੁਖਜਿੰਦਰ ਤੇ ਸ਼ਕਤੀ ਨਾਮ ਦੇ ਦੋ ਦੋਸ਼ੀਆਂ ਨੇ ਪਟੀਸ਼ਨ ਪਾਈ ਸੀ ਕਿ ਇੱਕ ਮਾਮਲੇ ਦੀ ਜਾਂਚ ਦੋ ਏਜੰਸੀਆਂ ਕਿਵੇਂ ਕਰ ਸਕਦੀਆਂ ਹਨ। ਇਸ ਕਰਕੇ ਇਨ੍ਹਾਂ ਨੇ SIT ਨੂੰ ਜਾਂਚ ਕਰਨ ਤੋਂ ਰੋਕਣ ਲਈ ਪਟੀਸ਼ਨ ਦਾਇਰ ਕੀਤੀ ਸੀ। ਇਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਇਸ ਮਾਮਲੇ ਦੀ ਜਾਂਚ CBI ਕਰ ਰਹੀ ਹੈ।
ਇਨ੍ਹਾਂ ਦੀ ਪਟੀਸ਼ਨ ‘ਤੇ ਪਹਿਲਾਂ ਹੋਈ ਸੁਣਵਾਈ ਵਿੱਚ ਹਾਈਕੋਰਟ ਨੇ ਕਿਹਾ ਸੀ ਕਿ SIT ਠੀਕ ਜਾਂਚ ਕਰ ਰਹੀ ਹੈ ਪਰ ਇਨ੍ਹਾਂ ਨੇ ਹਾਈਕੋਰਟ ਦੇ ਇਸ ਹੁਕਮ ਨੂੰ ਵਾਪਿਸ ਲੈਣ ਲਈ ਰਿਵੀਊ ਪਟੀਸ਼ਨ ਦਾਇਰ ਕੀਤੀ ਸੀ। ਪਹਿਲਾਂ CBI ਵੱਲੋਂ ਇਸ ਮਾਮਲੇ ਦੀ ਖੋਜ ਰਿਪੋਰਟ ਦਾਖਲ ਕੀਤੀ ਗਈ ਸੀ। ਇਸਦੇ ਨਾਲ ਹੀ ਬਰਗਾੜੀ ਬੇਅਦਬੀ ਮਾਮਲੇ ‘ਤੇ ਬੀਜੇਪੀ ਨੇ ਬਿਆਨ ਦਿੰਦਿਆਂ ਕਿਹਾ ਕਿ 2020 ਵਿੱਚ ਸਾਡੀ ਸਰਕਾਰ ਬਣਨ ‘ਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ।