Manoranjan Punjab

ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਮਿਲੀ ਹਰੀ ਝੰਡੀ, HC ਨੇ ਸ਼ਰਤਾਂ ਨਾਲ ਕੰਸਰਟ ਦੀ ਦਿੱਤੀ ਇਜ਼ਾਜਤ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਦਿਲ-ਲੁਮੀਨੇਟੀ ਟੂਰ ਦਾ 14 ਦਸੰਬਰ ਦਿਨ ਸ਼ਨੀਵਾਰ ਨੂੰ ਚੰਡੀਗੜ੍ਹ ‘ਚ ਇਕ ਸਮਾਰੋਹ ਹੋਵੇਗਾ। ਇਸ ਨੂੰ ਰੱਦ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਦੀ ਸੁਣਵਾਈ ਕਰਦੇ ਹੋਏ  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਲਕੇ ਚੰਡੀਗੜ੍ਹ ’ਚ 14 ਦਸੰਬਰ ਨੂੰ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਸਖ਼ਤ ਸ਼ਰਤਾਂ ਦੇ ਨਾਲ ਹਰੀ ਝੰਡੀ ਦੇ ਦਿੱਤੀ ਹੈ। ਹਾਈ ਕੋਰਟ ਨੇ  ਚੰਡੀਗੜ੍ਹ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਹਨ ਕਿ ਉਹ ਟ੍ਰੈਫਿਕ ਪ੍ਰਬੰਧਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ। ਸ਼ੋਅ ਦੌਰਾਨ ਕੋਈ ਵੀ ਆਵਾਜ਼ ਪ੍ਰਦੂਸ਼ਣ ਨਹੀਂ ਹੋਣਾ ਚਾਹੀਦਾ, ਸਿਰਫ ਸ਼ੋਅ ਦੀ ਹੱਦ ਤੱਕ ਆਵਾਜ਼ 75 ਡੈਸੀਬਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਜੇਕਰ ਰੌਲਾ ਇਸ ਤੋਂ ਵੱਧ ਹੈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਪ੍ਰਦਰਸ਼ਨ ਤੋਂ ਬਾਅਦ ਹਾਈਕੋਰਟ ਇਸ ਪਟੀਸ਼ਨ ‘ਤੇ 18 ਦਸੰਬਰ ਨੂੰ ਮੁੜ ਸੁਣਵਾਈ ਕਰੇਗੀ। ਕੱਲ੍ਹ ਦੇ ਸ਼ੋਅ ਤੋਂ ਬਾਅਦ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੂੰ 18 ਦਸੰਬਰ ਨੂੰ ਹਾਈ ਕੋਰਟ ’ਚ ਸਟੇਟਸ ਰਿਪੋਰਟ ਦਾਇਰ ਕਰਨੀ ਪਵੇਗੀ ਕਿ ਸ਼ੋਅ ਦੌਰਾਨ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਆਵਾਜ਼ ਪ੍ਰਦੂਸ਼ਣ ਨੂੰ ਲੈ ਕੇ ਰਾਤ 10 ਵਜੇ ਤੱਕ ਸਮਾਗਮ ਬੰਦ ਕਰਨਾ ਪਵੇਗਾ। ਕਿਉਂਕਿ ਉਸ ਤੋਂ ਬਾਅਦ ਸਪੀਕਰ ਚਲਾਉਣ ਦੀ ਇਜਾਜ਼ਤ ਨਹੀਂ ਹੈ।

ਦੱਸ ਦੇਈਏ ਕਿ ਇਹ ਪਟੀਸ਼ਨ ਸੈਕਟਰ-23 ਦੇ ਰਹਿਣ ਵਾਲੇ ਰਣਜੀਤ ਸਿੰਘ ਵੱਲੋਂ ਪਾਈ ਗਈ ਹੈ। ਪਟੀਸ਼ਨ ਵਿਚ  ਸ਼ੋਅ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ। ਚੀਫ਼ ਜਸਟਿਸ ਦੀ ਅਗਵਾਈ ਵਾਲੀ ਡਿਵੀਜ਼ਨ ਬੈਂਚ ਮਾਮਲੇ ਦੀ ਸੁਣਵਾਈ ਕੀਤੀ।