Punjab

ਬਰਨਾਲਾ ’ਚ ‘ਆਪ’ ਦੇ ਮੌਜੂਦਾ ਸਰਪੰਚ ਦਾ ਬੇਰਹਿਮੀ ਨਾਲ ਕੀਤਾ ਕਤਲ

ਬਰਨਾਲਾ : ਪੰਜਾਬ ਅੰਦਰ ਲਗਾਤਾਰ ਕਤਲ ਵਰਗੀਆਂ ਵੱਡੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਇਸੇ ਦੇ ਚਲਦਿਆਂ ਬਰਨਾਲਾ ਵਿੱਚ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦਾ ਬੇਰਹਿਮੀ ਨਾਲ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਮੁਤਾਬਕ ਬਰਨਾਲਾ ਜ਼ਿਲ੍ਹੇ ਦੇ ਭਦੌੜ ਦੇ ਨਜ਼ਦੀਕੀ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਸੁਖਜੀਤ ਸਿੰਘ (26) ਦਾ ਬੇਰਹਿਮੀ ਨਾਲ ਕਤਲ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। 50-60 ਬੰਦਿਆਂ ਨੇ ਸਰਪੰਚ ਸੁਖਦੀਪ ਸਿੰਘ ਸਮੇਤ ਤਿੰਨ ਜਣਿਆਂ ਉਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ।

ਹਸਪਤਾਲ ਲਿਜਾਂਦੇ ਸਮੇਂ ਸੁਖਦੀਪ ਸਿੰਘ ਨੇ ਦਮ ਤੋੜ ਦਿੱਤਾ ਜਦਕਿ ਬਾਕੀ ਜਣੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਮ੍ਰਿਤਕ ਸਰਪੰਚ ਸੁਖਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪਿੰਡ ਦੇ ਵਿਅਕਤੀਆਂ ’ਤੇ ਗੰਭੀਰ ਦੋਸ਼ ਲਾਉਂਦੇ ਕਿਹਾ ਕਿ ਸਰਪੰਚੀ ਚੋਣਾਂ ਨੂੰ ਲੈ ਕੇ ਪਿੰਡ ਦੇ ਵਿਅਕਤੀ ਉਹਨਾਂ ਨਾਲ ਰੰਜਿਸ਼ ਰੱਖ ਰਹੇ ਸਨ।

ਜਦ ਪਿੰਡ ਦੇ ਕੁਝ ਵਿਅਕਤੀ ਪਿੰਡ ਵਿਚ ਚਿੱਟੇ ਦਾ ਨਸ਼ਾ ਕਰ ਰਹੇ ਸਨ ਤਾਂ ਉਹਨਾਂ ਨੂੰ ਰੋਕਣ ਤੋਂ ਕੁਝ ਸਮੇਂ ਬਾਅਦ ਹੀ ਉਹ ਨਸ਼ਾ ਤਸਕਰ ਆਪਣੇ ਕਈ ਸਾਥੀਆਂ ਸਮੇਤ ਸਰਪੰਚ ਦੇ ਘਰ ਹਥਿਆਰ ਲੈ ਕੇ ਆ ਗਏ। ਜਿਸ ਤੋਂ ਬਾਅਦ ਮੌਜੂਦਾ ਸਰਪੰਚ ਅਤੇ ਉਸ ਦੇ ਸਾਥੀਆਂ ’ਤੇ ਜਾਨਲੇਵਾ ਹਮਲਾ ਕਰ ਦਿੱਤਾ।

ਇਸ ਦੁਖਦਾਈ ਘਟਨਾ ਨੂੰ ਲੈ ਕੇ ਵਿਧਾਨ ਸਭਾ ਹਲਕਾ ਭਦੋੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਮੌਕੇ ’ਤੇ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਪੁਲਿਸ ਪ੍ਰਸ਼ਾਸਨ ਨੂੰ ਆਦੇਸ਼ ਦਿਤੇ।