ਬਿਉਰੋ ਰਿਪੋਰਟ – ਐਮ.ਐਸ.ਪੀ ਦੀ ਕਾਨੂੰਨੀ ਗਾਰੰਟੀ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਅੱਜ 23ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਹੋਇਆ ਕਿਹਾ ਕਿ ਅੱਜ ਜਦੋਂ ਜਗਜੀਤ ਸਿੰਘ ਡੱਲੇਵਾਲ ਜੀ ਸਟੇਜ ਉੱਪਰ ਆਉਣ ਲੱਗੇ ਤਾਂ ਉਨ੍ਹਾਂ ਦੀ ਸਿਹਤ ਜਿਆਦਾ ਖਰਾਬ ਹੋ ਗਈ ਜਿਸ ਕਾਰਨ ਉਹ ਸਟੇਜ ਉੱਪਰ ਨਹੀਂ ਆਏ। ਡਾਕਟਰਾਂ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਜੀ ਪਹਿਲਾਂ ਹੀ ਕੈਂਸਰ ਤੋਂ ਪੀੜਤ ਹਨ ਅਤੇ ਹੁਣ 23 ਦਿਨਾਂ ਤੋਂ ਮਰਨ ਵਰਤ ‘ਤੇ ਰਹਿਣ ਕਾਰਨ ਉਨ੍ਹਾਂ ਦੀ ਰੋਗਾ ਨਾਲ ਲੜਨ ਦੀ ਤਾਕਤ ਬਹੁਤ ਕਮਜ਼ੋਰ ਹੋ ਗਈ ਹੈ ਜਿਸ ਕਾਰਨ ਉਨ੍ਹਾਂ ਦੀ ਹਾਲਤ ਜ਼ਿਆਦਾ ਨਾਜ਼ੁਕ ਬਣੀ ਹੋਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਸੱਦੇ ਉੱਪਰ ਪੰਜਾਬ ਭਰ ਵਿੱਚ ਸੈਂਕੜੇ ਥਾਵਾਂ ‘ਤੇ ਰੇਲ ਰੋਕੋ ਪ੍ਰੋਗਰਾਮ ਕੀਤੇ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਬਾਰੇ ਬਣੀ ਹੋਈ ਸੰਸਦ ਦੀ ਸਥਾਈ ਕਮੇਟੀ ਨੇ ਕੱਲ੍ਹ ਆਪਣੀ ਰਿਪੋਰਟ ਪੇਸ਼ ਕਰਦਿਆਂ ਕਿਹਾ ਸੀ ਕਿ MSP ਦਾ ਗਾਰੰਟੀ ਕਾਨੂੰਨ ਬਣਾਇਆ ਜਾਵੇ ਹੁਣ ਸਰਕਾਰ ਨੇ ਫੈਸਲਾ ਕਰਨਾ ਹੈ ਕਿ ਉਹ ਸੰਸਦ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਜਾਂ ਨਹੀਂ? ਕਿਸਾਨ ਆਗੂਆਂ ਨੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਕਸਰ ਸੰਸਦ ਨੂੰ ਲੋਕਤੰਤਰ ਦੀ ਆਤਮਾ ਅਤੇ ਮੰਦਰ ਕਹਿੰਦੇ ਹਨ, ਹੁਣ ਦੇਸ਼ ਦੇ ਕਿਸਾਨ ਜਾਣਨਾ ਚਾਹੁੰਦਾ ਹਨ ਕਿ ਪ੍ਰਧਾਨ ਮੰਤਰੀ ਮੋਦੀ ਲੋਕਤੰਤਰ ਦੀ ਆਤਮਾ ਭਾਵ ਸੰਸਦ ਦੀ ਭਾਵਨਾ ਦਾ ਸਤਿਕਾਰ ਕਰਦੇ ਹਨ ਜਾਂ ਨਹੀਂ? ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦੀ ਸਿਹਤ ਸਬੰਧੀ ਮਾਣਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਬਿਆਨ ਬਾਰੇ ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਮਾਣਯੋਗ ਸੁਪਰੀਮ ਕੋਰਟ ਨੂੰ ਨਿਮਰਤਾ ਸਹਿਤ ਦੱਸਣਾ ਚਾਹੁੰਦੇ ਹਾਂ ਕਿ ਜਗਜੀਤ ਸਿੰਘ ਡੱਲੇਵਾਲ ਜੀ ਨੂੰ ਸਰਕਾਰ ਵੱਲੋਂ ਕੀਤੇ ਵਾਅਦਿਆਂ ਦੀ ਵਾਅਦਾ ਖਿਲਾਫੀ ਕਰਕੇ ਹੀ ਮਰਨ ਵਰਤ ਉੱਪਰ ਬੈਠਣਾ ਪੈ ਰਿਹਾ ਹੈ ਜੇਕਰ ਕੇਂਦਰ ਸਰਕਾਰ ਸਾਡੇ ਨਾਲ ਕੀਤੇ ਵਾਅਦੇ ਪੂਰੇ ਦੇਵੇ ਤਾਂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਉੱਪਰ ਬੈਠਣ ਦੀ ਕੋਈ ਲੋੜ ਨਹੀਂ ਪਵੇਗੀ। ਕਿਸਾਨ ਆਗੂਆਂ ਨੇ ਮਾਣਯੋਗ ਸੁਪਰੀਮ ਕੋਰਟ ਤੋਂ ਮੰਗ ਕੀਤੀ ਹੈ ਕਿ ਖੇਤੀਬਾੜੀ ਬਾਰੇ ਸੰਸਦ ਦੀ ਸਥਾਈ ਕਮੇਟੀ ਦੀ ਭਾਵਨਾ ਅਤੇ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਕੇਂਦਰ ਸਰਕਾਰ ਨੂੰ MSP ਦਾ ਗਾਰੰਟੀ ਕਾਨੂੰਨ ਬਣਾਉਣ ਦਾ ਨਿਰਦੇਸ਼ ਦਿੱਤਾ ਜਾਵੇ।
ਇਹ ਵੀ ਪੜ੍ਹੋ – ਪੰਧੇਰ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ