ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਕੱਦਰ ਇਲਾਕੇ ‘ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਫ਼ੌਜ ਨਾਲ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ ਸੀ। ਜਿਸ ਤੋਂ ਬਾਅਦ ਅੱਤਵਾਦੀਆਂ ਨਾਲ ਮੁੱਠਭੇੜ ਸ਼ੁਰੂ ਹੋ ਗਈ। ਖਬਰਾਂ ਮੁਤਾਬਕ ਫੌਜ ਨੇ ਮੁਕਾਬਲੇ ‘ਚ 5 ਅੱਤਵਾਦੀਆਂ ਨੂੰ ਮਾਰ ਦਿੱਤਾ। ਦੋ ਜਵਾਨ ਵੀ ਜ਼ਖਮੀ ਹੋਏ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ 5 ਅੱਤਵਾਦੀਆਂ ਨੂੰ ਮਾਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਸ਼ੱਕੀ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲੇ ਦੇ ਬੇਹੀਬਾਗ ਖੇਤਰ ਦੇ ਕਾਦਰ ‘ਚ ਬੁੱਧਵਾਰ ਰਾਤ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਤਲਾਸ਼ੀ ਮੁਹਿੰਮ ਮੁਕਾਬਲੇ ‘ਚ ਬਦਲ ਗਈ ਕਿਉਂਕਿ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ, ਜਿਨ੍ਹਾਂ ਨੇ ਜਵਾਬੀ ਕਾਰਵਾਈ ਕੀਤੀ।
ਭਾਰਤੀ ਫੌਜ ਦੀ ਚਿਨਾਰ ਕੋਰ ਨੇ ਟਵਿੱਟਰ ‘ਤੇ ਇੱਕ ਪੋਸਟ ਵਿੱਚ ਕਿਹਾ, “19 ਦਸੰਬਰ ਨੂੰ, ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖਾਸ ਖੁਫੀਆ ਜਾਣਕਾਰੀ ਦੇ ਅਧਾਰ ‘ਤੇ, ਕਾਦਰ, ਕੁਲਗਾਮ ਵਿੱਚ ਭਾਰਤੀ ਫੌਜ ਅਤੇ ਜੰਮੂ ਅਤੇ ਕਸ਼ਮੀਰ ਪੁਲਿਸ ਦੁਆਰਾ ਇੱਕ ਸੰਯੁਕਤ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਸੀ।” ਚੌਕਸ ਜਵਾਨਾਂ ਨੇ ਸ਼ੱਕੀ ਗਤੀਵਿਧੀ ਦੇਖੀ। ਇਸ ਤੋਂ ਬਾਅਦ ਅੱਤਵਾਦੀਆਂ ਨੇ ਅੰਨ੍ਹੇਵਾਹ ਅਤੇ ਭਾਰੀ ਮਾਤਰਾ ‘ਚ ਗੋਲੀਬਾਰੀ ਸ਼ੁਰੂ ਕਰ ਦਿੱਤੀ। “ਸਾਡੀਆਂ ਫੌਜਾਂ ਨੇ ਪ੍ਰਭਾਵਸ਼ਾਲੀ ਢੰਗ ਨਾਲ ਜਵਾਬੀ ਕਾਰਵਾਈ ਕੀਤੀ।”