ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ‘ਚ ਠੰਡ ਨੇ ਇਕ ਵਾਰ ਫਿਰ ਜ਼ੋਰ ਫੜ ਲਿਆ ਹੈ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਤਾਪਮਾਨ ਵਿੱਚ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ 4.9 ਡਿਗਰੀ ਘੱਟ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਤਾਪਮਾਨ ‘ਚ 9.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜੋ ਕਿ ਆਮ ਨਾਲੋਂ 6.4 ਡਿਗਰੀ ਘੱਟ ਹੈ। ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 12 ਤੋਂ 18 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ 4 ਡਿਗਰੀ ਦਰਜ ਕੀਤਾ ਗਿਆ।
ਪਿਛਲੇ 24 ਘੰਟਿਆਂ ਦੌਰਾਨ ਪਠਾਨਕੋਟ ਵਿੱਚ 5.4 ਮਿਲੀਮੀਟਰ, ਬਠਿੰਡਾ ਵਿੱਚ 8.4 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 2.5 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਜਦਕਿ ਹੋਰ ਥਾਵਾਂ ‘ਤੇ ਵੀ ਬੂੰਦਾਬਾਂਦੀ ਤੋਂ 2 ਮਿਲੀਮੀਟਰ ਤੱਕ ਮੀਂਹ ਪਿਆ। ਹੁਣ ਆਉਣ ਵਾਲੇ 2 ਦਿਨਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ।
ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਸ਼ੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਕਈ ਇਲਾਕਿਆਂ ਵਿੱਚ ਧੁੰਦ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਜਲੰਧਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਲੁਧਿਆਣਾ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਲੁਧਿਆਣਾ ਵਿੱਚ ਵੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।