Khetibadi Punjab

66ਵੇਂ ਦਿਨ ਵਿੱਚ ਦਾਖਲ ਹੋਇਆ ਡੱਲੇਵਾਲ ਦਾ ਮਰਨ ਵਰਤ

ਪੰਜਾਬ ਅਤੇ ਹਰਿਆਣਾ ਦੇ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੀ ਭੁੱਖ ਹੜਤਾਲ ਅੱਜ (30 ਜਨਵਰੀ) ਆਪਣੇ 66ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਹੁਣ ਉਹਨਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਮੋਰਚੇ ਦੀ ਸਫਲਤਾ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਅੱਜ ਭੋਗ ਪਾਇਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਮੋਰਚੇ ‘ਤੇ ਪਹੁੰਚਣ ਦੀ ਉਮੀਦ ਹੈ।

ਮਹਾਂਪੰਚਾਇਤ ਤੇ ਨਜ਼ਰ

ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਕਿਹਾ ਕਿ ਚੰਡੀਗੜ੍ਹ ਤੋਂ ਕੇਂਦਰ ਸਰਕਾਰ ਦੇ ਅਧਿਕਾਰੀ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਜਾਣਨ ਲਈ ਮੋਰਚੇ ‘ਤੇ ਪਹੁੰਚੇ ਸਨ। ਉਨ੍ਹਾਂ ਨੇ ਡੱਲੇਵਾਲ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਠੀਕ ਹੋਣ ਤੋਂ ਬਾਅਦ ਕੇਂਦਰ ਸਰਕਾਰ ਨਾਲ ਮੀਟਿੰਗ ਵਿੱਚ ਸ਼ਾਮਲ ਹੋਣ ਲਈ 14 ਫਰਵਰੀ ਤੱਕ ਲੋੜੀਂਦੀ ਕਾਰਵਾਈ ਕਰਨ।

ਹਾਲਾਂਕਿ, ਡੱਲੇਵਾਲ ਨੇ ਦੋ ਦਿਨ ਪਹਿਲਾਂ ਜਨਤਾ ਨੂੰ ਦਿੱਤੇ ਇੱਕ ਸੰਦੇਸ਼ ਵਿੱਚ ਕਿਹਾ ਸੀ ਕਿ ਹਰ ਕੋਈ ਚਾਹੁੰਦਾ ਹੈ ਕਿ ਉਹ ਕੇਂਦਰ ਸਰਕਾਰ ਨਾਲ ਮੀਟਿੰਗ ਵਿੱਚ ਸ਼ਾਮਲ ਹੋਣ ਪਰ ਇਸ ਸਮੇਂ ਉਨ੍ਹਾਂ ਦੀ ਸਿਹਤ ਇਸ ਦੀ ਇਜਾਜ਼ਤ ਨਹੀਂ ਦੇ ਰਹੀ। ਉਨ੍ਹਾਂ ਨੇ ਸਾਰੇ ਲੋਕਾਂ ਨੂੰ 12 ਫਰਵਰੀ ਨੂੰ ਹੋਣ ਵਾਲੀ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ।