Punjab Religion

SGPC ਦੀ ਅੰਤ੍ਰਿੰਗ ਕਮੇਟੀ ਦਾ ਵੱਡਾ ਫੈਸਲਾ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ

ਅੰਤ੍ਰਿੰਗ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿਤੀਆਂ ਗਈਆਂ। ਇਹ ਮੀਟਿੰਗ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਦੁਪਹਿਰ 2 ਵਜੇ ਤੋਂ ਚੱਲ ਰਹੀ ਸੀ। ਮੀਟਿੰਗ ਉਪਰੰਤ ਵਿਰੋਧੀ ਧਿਰ ਨਾਲ ਸੰਬੰਧਿਤ ਕਾਰਜਕਾਰਨੀ ਮੈਂਬਰਾਂ ਜਸਵੰਤ ਸਿੰਘ ਪੁਡੈਣ, ਪਰਮਜੀਤ ਸਿੰਘ ਰਾਏਪੁਰ ਅਤੇ ਅਮਰੀਕਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਲਿਆਂਦੇ ਗਏ ਇਸ ਮਤੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਰਾਜਨੀਤੀ ਤੋਂ ਪ੍ਰੇਰਿਤ ਹੈ।

ਇਹ ਮੀਟਿੰਗ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਅਤੇ ਇਸ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ।

ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀ ਜਾਂਚ ਕਰ ਰਹੀ ਕਮੇਟੀ ਦੀ ਰਿਪੋਰਟ ਨੂੰ ਸਵੀਕਾਰ ਕਰ ਲਿਆ ਗਿਆ ਹੈ। ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਵੀ ਇਸ ਫੈਸਲੇ ਦਾ ਵਿਰੋਧ ਕੀਤਾ, ਪਰ ਫੈਸਲਾ ਬਹੁਮਤ ਨਾਲ ਲਿਆ ਗਿਆ।

ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਹੈ ਅਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਪ੍ਰਕਿਰਿਆ ਜਾਰੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਡਿਊਟੀਆਂ ਦੀ ਕਥਿਤ ਉਲੰਘਣਾ ਅਤੇ ਪ੍ਰਬੰਧਕੀ ਬੇਨਿਯਮੀਆਂ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਗਿਆਨੀ ਹਰਪ੍ਰੀਤ ਸਿੰਘ ਦੇ ਮੁੱਦੇ ‘ਤੇ ਚਰਚਾ ਕਰਨ ਲਈ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 28 ਜਨਵਰੀ ਨੂੰ ਪੰਜਾਂ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਬੁਲਾਈ ਸੀ। ਪਰ ਗਿਆਨੀ ਰਘਬੀਰ ਸਿੰਘ ਨੇ ਇਹ ਮੀਟਿੰਗ ਮੁਲਤਵੀ ਕਰ ਦਿੱਤੀ। ਪਰ, ਉਨ੍ਹਾਂ ਕਿਹਾ ਹੈ ਕਿ ਇਹ ਮੀਟਿੰਗ ਵਿਦੇਸ਼ ਤੋਂ ਵਾਪਸ ਆਉਣ ਤੋਂ ਬਾਅਦ ਦੁਬਾਰਾ ਬੁਲਾਈ ਜਾਵੇਗੀ।