Punjab Religion

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੇ ਹੋਰ ਡੂੰਘਾ ਕੀਤਾ ਪੰਥਕ ਸੰਕਟ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੋਂ ਸਿਆਸੀ ਤੇ ਧਾਰਮਿਕ ਆਗੂਆਂ ਦੇ ਬਿਆਨ ਲਗਾਤਾਰ ਆ ਰਹੇ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਪ੍ਰਮਿੰਦਰ ਸਿੰਘ ਢੀਂਡਸਾ ਅਤੇ ਚਰਨਜੀਤ ਸਿੰਘ ਬਰਾੜ ਨੇ ਆਪਣੇ ਸਾਂਝੇ ਬਿਆਨ ਵਿੱਚ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਆਗੂਆਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ, ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਅਸਤੀਫ਼ੇ ਨਾਲ ਪੰਥਕ ਸੰਕਟ ਹੋਰ ਡੂੰਘਾ ਹੋਵੇਗਾ।

ਆਗੂਆਂ ਨੇ ਕਿਹਾ ਕਿ ਪਹਿਲਾਂ ਹੀ ਇੱਕ ਕਾਬਜ਼ ਧਿਰ ਦੇ ਪੰਥਕ ਭਾਵਨਾ ਦੇ ਉਲਟ ਕੀਤੇ ਜਾ ਰਹੇ ਗੁਨਾਹਾਂ ਕਾਰਨ ਸਿੱਖ ਕੌਮ ਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀਆਂ ਅਗਵਾਈ ਕਰਨ ਵਾਲਿਆਂ ਸੰਸਥਾਵਾਂ ਨੂੰ ਚੁਣੌਤੀ ਪੇਸ਼ ਕੀਤੀ ਜਾ ਰਹੀ ਹੈ, ਇਸ ਵਿਚਕਾਰ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਿਰੜ ਨਾਲ ਨਿਭਾਉਣ ਦੀ ਬਜਾਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਅਸਤੀਫ਼ਾ ਦੇਣਾ ਸੰਗਤ ਦੀਆਂ ਭਾਵਨਾਵਾਂ ਨਾਲ ਇਨਸਾਫ਼ ਨਹੀਂ ਹੋਵੇਗਾ।

ਕਿਉਂਕਿ ਨੈਤਿਕਤਾ ਤਾਂ ਉਸ ਸਮੇਂ ਹੀ ਝਲਕਣੀ ਚਾਹੀਦੀ ਸੀ ਜਦ ਜਥੇਦਾਰ ਸ੍ਰੀ ਅਕਾਲ ਤਖ਼ਤ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਪ੍ਰਤੀ ਜਾਂਚ ਬੰਦ ਕਰਨ ਦੇ ਆਦੇਸ਼ ਦਿੱਤੇ ਸਨ। ਇਹਨਾਂ ਅਦੇਸਾਂ ਦੀ ਅਣਦੇਖੀ ਕਰਕੇ ਸਗੋਂ ਤਿੰਨ ਮੈਂਬਰੀ ਕਮੇਟੀ ਦੀ ਜਾਂਚ ਰਿਪੋਰਟ ਮਨਜ਼ੂਰ ਕਰ ਸਮੁੱਚੀ ਅੰਤ੍ਰਿੰਗ ਕਮੇਟੀ ਵੱਲੋਂ ਬੱਜਰ ਪਾਪ ਕੀਤਾ ਗਿਆ ਹੈ। ਅਸਤੀਫ਼ਾ ਦੇਣ ਦੀ ਬਜਾਏ ਪਾਪ ਧੋਣ ਦਾ ਮੌਕਾ ਨਹੀ ਗੁਆਉਣਾ ਚਾਹੀਦਾ ਤੁਰੰਤ ਗਿਆਨੀ ਹਰਪ੍ਰੀਤ ਸਿੰਘ ਦੀ ਬਹਾਲੀ ਹੋਣੀ ਚਾਹੀਦੀ ਹੈ।

ਇਸ ਦੇ ਨਾਲ ਆਗੂਆਂ ਨੇ ਆਪਣੇ ਸਾਂਝੇ ਬਿਆਨ ਵਿੱਚ ਕਿਹਾ ਕਿ ਜੇਕਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮ ਅਨੁਸਾਰ ਸੱਤ ਮੈਂਬਰੀ ਕਮੇਟੀ ਨੂੰ ਬਿਨਾਂ ਸੁਖਬੀਰ ਸਿੰਘ ਬਾਦਲ ਧੜੇ ਦਾ ਦਬਾਅ ਝੱਲਦੇ ਹੋਏ ਬਿਨਾਂ ਦੇਰ ਕੀਤੇ ਕਾਰਜਸ਼ੀਲ ਕਰ ਲਿਆ ਜਾਂਦਾ ਤਾਂ ਸ਼ਾਇਦ ਅੱਜ ਨਾ ਤਾਂ ਅਸਤੀਫ਼ਾ ਦੇਣ ਦੀ ਜ਼ਰੂਰਤ ਪੈਂਦੀ ਅਤੇ ਨਾ ਹੀ ਉਸ ਕਾਬਜ਼ ਧਿਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਮਿਲਦੀ। ਕਾਬਜ਼ ਧੜੇ ਦਾ ਸਿਧਾਂਤਾਂ ਦੀਆਂ ਧੱਜੀਆਂ ਉਡਾਉਂਦਾ ਅੰਨੇ ਦਬਾਅ ਦੇ ਨਤੀਜੇ ਸਾਹਮਣੇ ਆ ਰਹੇ ਹਨ।

ਆਗੂਆਂ ਨੇ ਹਰਜਿੰਦਰ ਸਿੰਘ ਧਾਮੀ ਸਾਹਿਬ ਨੂੰ ਪੁਰਜੋਰ ਅਪੀਲ ਕੀਤੀ ਕਿ, ਓਹ ਸੰਗਤ ਦੀਆਂ ਭਾਵਨਾਵਾਂ ਦੀ ਰਾਖੀ ਕਰਦੇ ਹੋਏ ਆਪਣਾ ਅਸਤੀਫਾ ਵਾਪਿਸ ਲੈਣ ਅਤੇ ਪਿਛਲੇ ਦਿਨਾਂ ਵਿੱਚ ਹੋਏ ਪੰਥ ਵਿਰੋਧੀ ਫੈਸਲਿਆਂ ਨੂੰ ਰੱਦ ਕਰਦੇ ਹੋਏ ਮਜ਼ਬੂਤ ਅਗਵਾਈ ਵਾਲੀ ਭੂਮਿਕਾ ਨਿਭਾਉਣ, ਜਿਸ ਲਈ ਸਮੁੱਚੀ ਕੌਮ ਉਮੀਦ ਕਰਦੀ ਹੈ।

ਇਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਜਿਸ ਤਰੀਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇੱਕ ਧਿਰ ਨੇ ਹੁਕਮਨਾਮਾ ਸਾਹਿਬ ਦੀ ਤੌਹੀਨ ਕਰਕੇ ਹੁਕਮਨਾਮਾ ਸਾਹਿਬ ਦੀ ਭਾਵਨਾ ਦੇ ਉਲਟ ਕਈ ਆਗੂਆਂ ਦੇ ਬਗੈਰ ਅਸਤੀਫ਼ੇ ਸਵੀਕਾਰ ਕੀਤੇ ਭਰਤੀ ਦੀ ਸ਼ੁਰੂਆਤ ਕੀਤੀ ਅਤੇ ਆਪਣੇ ਤਰਕ ਬਤਰਕ ਜ਼ਰੀਏ ਜਥੇਦਾਰ ਸ੍ਰੀ ਅਕਾਲ ਤਖਤ ਸਮੇਤ ਅਕਾਲੀ ਵਰਕਰਾਂ ਨੂੰ ਗੁੰਮਰਾਹ ਕੀਤਾ, ਅਜਿਹੀ ਸਥਿਤੀ ਅਤੇ ਹਾਲਾਤ ਵਿੱਚ ਧਾਮੀ ਸਾਹਿਬ ਸੱਤ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਕਰਕੇ ਭਾਈ ਬਚਿੱਤਰ ਸਿੰਘ ਵਾਂਗ ਭੂਮਿਕਾ ਅਦਾ ਕਰਨ।

ਆਗੂਆਂ ਨੇ ਕਿਹਾ ਕਿ ਅਸਤੀਫ਼ਾ ਮਸਲਿਆਂ ਦਾ ਹੱਲ ਨਹੀਂ, ਇਸ ਕਰਕੇ ਪੰਥ ਦੇ ਵਡੇਰੇ ਹਿਤਾਂ ਦੀ ਤਰਜ਼ਮਾਨੀ ਕਰਦੇ ਹੋਏ ਨਾ ਸਿਰਫ ਧਾਮੀ ਸਾਹਿਬ ਆਪਣਾ ਅਸਤੀਫ਼ਾ ਵਾਪਿਸ ਲੈਣ ਸਗੋਂ ਸੱਤ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਵਿੱਚ ਆਪਣਾ ਰੋਲ ਅਦਾ ਕਰਨ। ਇਹ ਨਾ ਹੋਵੇ ਕਿ ਅੱਜ ਵਾਲੇ ਫੈਸਲੇ ‘ਤੇ ਵੀ ਸੰਗਤ ਨੂੰ ਨਿਰਾਸ਼ਾ ਦਾ ਮੂੰਹ ਦੇਖਣਾ ਪਵੇ।