ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 96ਵੇਂ ਦਿਨ ਵੀ ਜਾਰੀ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੱਲ੍ਹ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਗੜੇਮਾਰੀ ਹੋਈ, ਜਿਸ ਕਾਰਨ ਸਰ੍ਹੋਂ ਅਤੇ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ, ਸਰਕਾਰਾਂ ਬਿਨਾਂ ਕਿਸੇ ਦੇਰੀ ਤੋਂ ਗਿਰਦਾਵਰੀ ਕਰਵਾ ਕੇ ਤੁਰੰਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਤਾਂ ਜੋ ਪਹਿਲਾਂ ਹੀ ਲਗਾਤਾਰ ਕਈ ਫਸਲਾਂ ਦੇ ਹੋਏ ਨੁਕਸਾਨ ਤੋਂ ਬਾਅਦ ਆਰਥਿਕ ਤੌਰ ਤੇ ਟੁੱਟ ਚੁੱਕੇ ਕਿਸਾਨਾਂ ਨੂੰ ਖੁਦਕੁਸ਼ੀਆਂ ਦੇ ਰਾਹ ਪੈਣ ਤੋਂ ਰੋਕਿਆ ਜਾ ਸਕੇ। ਕਿਸਾਨ ਆਗੂਆਂ ਨੇ ਦੱਸਿਆ ਕਿ 5 ਮਾਰਚ ਨੂੰ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ ‘ਤੇ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਉੱਪਰ 100 ਕਿਸਾਨ 1 ਦਿਨ ਦੀ ਸੰਕੇਤਿਕ ਭੁੱਖ ਹੜਤਾਲ ਕਰਨਗੇ ਅਤੇ ਇਸ ਦੇ ਨਾਲ ਹੀ ਦੇਸ਼ ਭਰ ਦੇ ਜ਼ਿਲ੍ਹਾ/ਤਹਿ ਪੱਧਰ ਉੱਪਰ ਕਿਸਾਨ 1 ਦਿਨ ਦੀ ਸੰਕੇਤਿਕ ਭੁੱਖ ਹੜਤਾਲ ਕਰਨਗੇ। ਕਿਸਾਨ ਆਗੂਆਂ ਨੇ ਦੱਸਿਆ ਕਿ 8 ਮਾਰਚ ਕੌਮਾਂਤਰੀ ਮਹਿਲਾ ਦਿਵਸ ਮੌਕੇ ਐਮਐਸਪੀ ਦੇ ਗਰਾਊਂਡ ਟੀ ਕਾਨੂੰਨ ਦੇ ਮੁੱਦੇ ਉੱਪਰ ਦਾਤਾਸਿੰਘਵਾਲਾ-ਖਨੌਰੀ, ਸ਼ੰਭੂ ਅਤੇ ਰਤਨਾਪੁਰਾ ਕਿਸਾਨ ਮੋਰਚਿਆਂ ਉੱਪਰ ਮਹਿਲਾ ਪੰਚਾਇਤਾਂ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਮਾਰਚ ਮਹੀਨੇ ਵਿੱਚ MSP ਗਾਰੰਟੀ ਕਾਨੂੰਨ ਦੇ ਮੁੱਦੇ ’ਤੇ ਦੇਸ਼ ਭਰ ਵਿੱਚ ਸੂਬਾ ਪੱਧਰ ’ਤੇ ਮਹਾਂਪੰਚਾਇਤਾਂ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ – ਜਥੇਦਾਰ ਗਿਆਨੀ ਰਘਬੀਰ ਸਿੰਘ ਦਾ 5 ਮੈਂਬਰੀ ਕਮੇਟੀ ਨੂੰ ਆਦੇਸ਼