‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ਦੇ ਖਿਲਾਫ ਕਾਨੂੰਨ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਰਿਸ਼ਬ ਸ਼ਰਮਾ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਦਿੱਲੀ NCR ਵਿੱਚ ਕੋਰੋਨਾਵਾਇਰਸ ਦੇ ਖ਼ਤਰੇ ਨੂੰ ਵੇਖਦੇ ਹੋਏ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨਕਰਤਾ ਨੇ ਦਿੱਲੀ ਦੇ ਸਾਰੇ ਬਾਰਡਰਾਂ ਨੂੰ ਖੋਲ੍ਹਣ ਅਤੇ ਸਬੰਧਿਤ ਅਥਾਰਿਟੀ ਨੂੰ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ।
ਪਟੀਸ਼ਨਕਰਤਾ ਨੇ ਮੰਗ ਕੀਤੀ ਹੈ ਕਿ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਥਾਂ ‘ਤੇ ਸ਼ਿਫਟ ਕੀਤਾ ਜਾਵੇ। ਉਸਨੇ ਕਿਹਾ ਕਿ ਕਿਸਾਨਾਂ ਦੇ ਇੰਨੀ ਵੱਡੀ ਗਿਣਤੀ ਵਿੱਚ ਇਕੱਠਾ ਹੋਣ ‘ਤੇ ਕਮਿਯੂਨਿਟੀ ਸਪਰੈਡ ਦਾ ਖ਼ਤਰਾ ਵਧ ਗਿਆ ਹੈ।
ਖੇਤੀ ਕਾਨੂੰਨਾਂ ਖਿਲਾਫ ਪੰਜਾਬ ਸਮੇਤ ਦੇਸ਼ ਦੇ ਹਰ ਸੂਬੇ ਦੇ ਕਿਸਾਨ ਇਸ ਅੰਦੋਲਨ ਵਿੱਚ ਹਿੱਸਾ ਪਾ ਰਹੇ ਹਨ। ਕਿਸਾਨ ਲਗਾਤਾਰ ਠੰਡ ਦੇ ਮੌਸਮ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਹੋਏ ਹਨ। ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਹੈ।