ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਫੇਲ੍ਹ ਹੁੰਦੀ ਨਜ਼ਰ ਰਹੀ ਹੈ। ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਪੰਜਾਬ ਵਿੱਚ ਤਕਰੀਬਨ-ਤਕਰੀਬਨ ਨਸ਼ਾ ਖਤਮ ਕਰ ਦਿੱਤਾ ਗਿਆ ਹੈ। ਪਰ ਉੱਥੇ ਹੀ ਆਏ ਦਿਨ ਨਸ਼ੇ ਦੀ ਓਵਰਡੋਜ਼ ਦੇ ਨਾਲ ਹਰ ਰੋਜ਼ ਕਿੰਨੇ ਹੀ ਨੌਜਵਾਨ ਆਪਣੀ ਜਾਨ ਗਵਾ ਰਹੇ ਹਨ।
ਅਜਿਹਾ ਹੀ ਇੱਕ ਮਾਮਲੇ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਬੁੱਧਵਾਰ ਰਾਤ ਨੂੰ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਲੁਧਿਆਣਾ ਦੇ ਨੂਰਵਾਲਾ ਰੋਡ ‘ਤੇ ਸਥਿਤ ਸੰਨਿਆਸ ਨਗਰ ਵਿੱਚ ਬੁੱਧਵਾਰ ਰਾਤ ਨੂੰ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪਰਿਵਾਰ ਨੂੰ ਸ਼ੱਕ ਹੈ ਕਿ ਮੌਤ ਦਾ ਕਾਰਨ ਜ਼ਹਿਰੀਲੀ ਸ਼ਰਾਬ ਹੈ, ਜਦੋਂ ਕਿ ਪੁਲਿਸ ਨੂੰ ਵੀ ਸ਼ੱਕ ਹੈ ਕਿ ਇਹ ਜ਼ਹਿਰੀਲੀ ਸ਼ਰਾਬ ਹੈ।
ਮ੍ਰਿਤਕ ਦੀ ਪਛਾਣ 40 ਸਾਲਾ ਰਿੰਕੂ ਵਜੋਂ ਹੋਈ ਹੈ, ਜੋ ਕਿ ਸੰਨਿਆਸ ਨਗਰ ਦਾ ਰਹਿਣ ਵਾਲਾ ਹੈ। ਸ਼ਰਾਬ ਪੀਣ ਤੋਂ ਬਾਅਦ ਗੰਭੀਰ ਰੂਪ ਵਿੱਚ ਬਿਮਾਰ ਹੋਏ ਬਾਕੀ ਦੋ ਲੋਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕ ਦੀ ਭਰਜਾਈ ਪਾਰੋ ਨੇ ਦੱਸਿਆ ਕਿ ਰਿੰਕੂ ਸੰਨਿਆਸ ਨਗਰ ਦੇ ਸਰਕਾਰੀ ਸਕੂਲ ਦੇ ਨੇੜੇ ਇੱਕ ਖਾਲੀ ਪਲਾਟ ਵਿੱਚ ਦੋ ਹੋਰ ਲੋਕਾਂ ਨਾਲ ਸ਼ਰਾਬ ਪੀ ਰਿਹਾ ਸੀ। ਸ਼ਰਾਬ ਪੀਣ ਤੋਂ ਬਾਅਦ ਤਿੰਨੋਂ ਬੇਹੋਸ਼ ਹੋ ਗਏ ਅਤੇ ਉਨ੍ਹਾਂ ਦੇ ਮੂੰਹ ਵਿੱਚੋਂ ਝੱਗ ਨਿਕਲਣ ਲੱਗੀ।
ਇੱਕ ਰਾਹਗੀਰ ਨੇ ਉਨ੍ਹਾਂ ਨੂੰ ਘਟਨਾ ਬਾਰੇ ਸੂਚਿਤ ਕੀਤਾ, ਜਿਸ ਤੋਂ ਬਾਅਦ ਉਹ ਦੇਰ ਰਾਤ ਰਿੰਕੂ ਨੂੰ ਸਿਵਲ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਬਾਕੀ ਦੋ ਲੋਕਾਂ ਦੇ ਰਿਸ਼ਤੇਦਾਰ ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਲੈ ਗਏ। ਰਿੰਕੂ ਦੀ ਪਤਨੀ ਦੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਸੀ। ਉਸਦਾ ਇੱਕ ਪੁੱਤਰ ਅਤੇ ਦੋ ਧੀਆਂ ਹਨ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਮੀਡੀਆ ਨੂੰ ਦੱਸਿਆ ਕਿ ਨਕਲੀ ਸ਼ਰਾਬ ਬਣਾਉਣ ਵਿੱਚ ਵਰਤਿਆ ਜਾਣ ਵਾਲਾ ਮੀਥੇਨੌਲ ਝੱਗ ਨਹੀਂ ਬਣਾਉਂਦਾ। ਉਨ੍ਹਾਂ ਕਿਹਾ ਕਿ ਵਿਅਕਤੀ ਦੀ ਮੌਤ ਜ਼ਹਿਰ ਕਾਰਨ ਹੋਈ ਹੋਵੇਗੀ। ਪੋਸਟਮਾਰਟਮ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।