ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਹੁਣ ਇੱਕ ਜਨ-ਅੰਦੋਲਨ ਬਣ ਚੁੱਕੀ ਹੈ। ਪਿੰਡਾਂ ਦੀਆਂ ਪੰਚਾਇਤਾਂ ਵਿੱਚ ਮਤੇ ਪਾਸ ਕੀਤੇ ਜਾ ਰਹੇ ਹਨ ਕਿ ਨਸ਼ੇ ਨਾ ਵੇਚੇ ਜਾਣਗੇ, ਨਾ ਹੀ ਨਸ਼ਾ ਵੇਚਣ ਵਾਲਿਆਂ ਨੂੰ ਥਾਣਿਆਂ ਵਿੱਚ ਜ਼ਮਾਨਤ ਦਿੱਤੀ ਜਾਵੇਗੀ। ਜੇਕਰ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ, ਤਾਂ ਉਸ ਨੂੰ ਨਸ਼ਾ ਮੁਕਤੀ ਕੇਂਦਰ ਵਿੱਚ ਇਲਾਜ ਲਈ ਭੇਜਿਆ ਜਾਵੇਗਾ।
ਧੀਆਂ-ਭੈਣਾਂ ਨੂੰ ਵਿਧਵਾ ਕਰਨ ਵਾਲਿਆਂ ਨੂੰ ਨਹੀਂ ਬਖਸ਼ਾਗੇ
ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਵੇਚਣ ਵਾਲੇ, ਜੋ ਲੋਕਾਂ ਦੀਆਂ ਧੀਆਂ-ਭੈਣਾਂ ਨੂੰ ਵਿਧਵਾ ਕਰਕੇ ਆਪਣੀਆਂ ਕੋਠੀਆਂ ਬਣਾਉਂਦੇ ਹਨ, ਅਜਿਹੇ ਲੋਕਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਨਸ਼ਾ ਤਸਕਰਾਂ ਦੇ ਡਰ ਕਾਰਨ ਮਾਪਿਆਂ ਨੇ ਆਪਣੇ ਬੱਚਿਆਂ ਨੂੰ ਜਾਂ ਤਾਂ ਵਿਦੇਸ਼ ਭੇਜ ਦਿੱਤਾ ਜਾਂ ਹੋਰ ਕੰਮਾਂ ਵਿੱਚ ਰੁਝਾ ਦਿੱਤਾ। ਇਸ ਦੇ ਪਿੱਛੇ ਵੱਡੇ ਨਸ਼ਾ ਤਸਕਰ ਜ਼ਿੰਮੇਵਾਰ ਹਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਨਸ਼ਾ ਮਾਫੀਆ ਨੂੰ ਤੋੜਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਫੜੇ ਗਏ 80-85% ਨਸ਼ਾ ਤਸਕਰਾਂ ਦੀ ਜਮਾਨਤ ਨਹੀਂ ਹੋਈ, ਅਤੇ ਨਸ਼ਿਆਂ ਦੇ ਮਾਮਲੇ ਵਿੱਚ ਕਿਸੇ ਦੀ ਸਿਫਾਰਸ਼ ਨਹੀਂ ਚੱਲੇਗੀ। ਮਾਨ ਨੇ ਕਿਹਾ ਕਿ ਅਸੀਂ ਪੱਕੇ ਪੈਰੀਂ ਕਾਗਜ਼ ਪੂਰੇ ਕਰਕੇ ਕਾਰਵਾਈ ਕਰ ਰਹੇ ਹਾਂ। ਅਸੀਂ ਸਬੂਤਾਂ ਦੇ ਆਧਾਰ ‘ਤੇ ਐਕਸ਼ਨ ਲੈਂਦੇ ਹਾਂ
ਵਿਰੋਧੀਆਂ ‘ਤੇ ਸਾਧੇ ਨਿਸ਼ਾਨੇ
ਮਾਨ ਨੇ ਬਿਨਾਂ ਨਾਮ ਲਏ ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵੱਡੀਆਂ-ਵੱਡੀਆਂ ਪਾਰਟੀਆਂ ਦੇ ਪ੍ਰਧਾਨ ਕਹਿੰਦੇ ਸੀ ਕਿ ਪੰਜਾਬ ਸਰਕਾਰ ਛੋਟੀਆਂ ਮੱਛੀਆਂ ਨੂੰ ਫੜ੍ਹੀ ਜਾਂਦੀ ਹੈ ਅਤੇ ਵੱਡੀਆਂ ਨੂੰ ਹੱਥ ਨਹੀਂ ਪਾਉਂਦੀ। ਉਹੀ ਪ੍ਰਧਾਨ ਬੀਤੇ ਕੱਲ੍ਹ ਤੋਂ ਇਸ ਦੀ ਨਿੰਦਾ ਕਰੀ ਜਾ ਰਹੇ ਹਨ। ਇਸ ਦਾ ਮਤਲਬ ਹੈ ਕਿ ਉਹ ਵੀ ਨਾਲ ਰਲ੍ਹੇ ਹੋਏ ਹਨ।
ਜਿਹੜੇ ਪੁਲਿਸ ਮੁਲਾਜ਼ਮ ਨਸ਼ਾ ਤਸਕਰਾਂ ਨਾਲ ਮਿਲੇ ਹੋਏ ਸਨ ਅਤੇ ਛਾਪਾ ਪੈਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਜਾਣਕਾਰੀ ਦੇ ਦਿੰਦੇ ਸਨ, ਉਨ੍ਹਾਂ ਦੇ ਵੀ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। ਇਸ ਸਮੇਂ ਇਹ ਮੁਹਿੰਮ ਪੂਰੇ ਜ਼ੋਰਾਂ ‘ਤੇ ਹੈ ਅਤੇ ਸਾਨੂੰ ਲੋਕਾਂ ਦੇ ਫੋਨ ਵੀ ਆਉਂਦੇ ਹਨ ਕਿ ਨਸ਼ਿਆਂ ਨੂੰ ਬਹੁਤ ਜ਼ਿਆਦਾ ਫ਼ਰਕ ਪੈ ਗਿਆ ਹੈ। ਹੁਣ ਆਸਾਨੀ ਨਾਲ ਨਸ਼ਾ ਤਸਕਰ ਵਲੋਂ ਨਸ਼ਾ ਨਹੀਂ ਵੇਚਿਆ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਇਸ ਮਾਮਲੇ ‘ਚ ਪੰਜਾਬ ਦੇ ਲੋਕਾਂ ਨਾਲ ਖੜ੍ਹਾਂਗੇ।
ਮਾਨ ਨੇ ਕਿਹਾ ਕਿ ਸਾਰੀਆਂ ਕਾਰਵਾਈਆਂ ਪੂਰੇ ਕਾਗਜ਼ੀ ਸਬੂਤਾਂ ਅਤੇ ਕਾਨੂੰਨੀ ਪ੍ਰਕਿਰਿਆ ਨਾਲ ਕੀਤੀਆਂ ਜਾ ਰਹੀਆਂ ਹਨ। ਵੱਡੇ ਨਸ਼ਾ ਤਸਕਰਾਂ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ, ਚਾਹੇ ਉਹ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧਤ ਹੋਣ। ਬਿਕਰਮ ਮਜੀਠੀਆ ਦਾ ਨਾਮ ਲਏ ਬਿਨਾਂ, ਮਾਨ ਨੇ ਉਨ੍ਹਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਤਾਜ਼ਾ ਗ੍ਰਿਫਤਾਰੀਆਂ ਤੋਂ ਬਾਅਦ ਲੋਕ ਖੁਸ਼ ਹਨ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਨਸ਼ਿਆਂ ਦੇ ਮੁੱਦੇ ‘ਤੇ ਕਿਸੇ ਵੀ ਸਿਆਸੀ ਦਬਾਅ ਜਾਂ ਧਮਕੀਆਂ ਤੋਂ ਨਹੀਂ ਡਰਦੇ। ਮਾਨ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।