Punjab Religion

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਰੀ ਪੀਰੀ ਦਿਵਸ ਸ਼ਰਧਾ ਉਤਸਾਹ ਸਹਿਤ ਮਨਾਇਆ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

ਸਮਾਗਮ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਅਰਦਾਸ ਤੋਂ ਬਾਅਦ ਸੰਗਤ ਨੂੰ ਪਾਵਨ ਹੁਕਮਨਾਮਾ ਸੁਣਾਇਆ।ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖ ਕੌਮ ਨੂੰ ਮੀਰੀ ਪੀਰੀ ਦੇ ਸਿਧਾਂਤ ਨਾਲ ਜੋੜਿਆ, ਜੋ ਧਰਮ ਦੀ ਕਮਾਈ ਕਰਦਿਆਂ ਸੱਚ ਦੀ ਰਾਜਨੀਤੀ ਰਾਹੀਂ ਮਜਲੂਮਾਂ ਦੀ ਰੱਖਿਆ ਕਰਨ ਦਾ ਮਾਰਗ ਦਿਖਾਉਂਦਾ ਹੈ।

ਉਨ੍ਹਾਂ ਕਿਹਾ ਕਿ ਸੰਸਾਰ ਵਿੱਚ ਧਰਮ ਅਤੇ ਰਾਜਨੀਤੀ ਨੂੰ ਵੱਖਰਾ ਸਮਝਿਆ ਜਾਂਦਾ ਸੀ, ਪਰ ਗੁਰੂ ਸਾਹਿਬਾਨ ਨੇ ਸਿੱਖਾਂ ਨੂੰ ਨਿਵੇਕਲਾ ਸਿਧਾਂਤ ਦਿੱਤਾ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮੀਰ ਨੂੰ ਜ਼ੁਲਮ ਤੋਂ ਰੋਕਿਆ ਅਤੇ ਪੀਰ ਨੂੰ ਪਖੰਡ ਛੱਡ ਕੇ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਇਸ ਸਿਧਾਂਤ ਨੂੰ ਅੱਗੇ ਵਧਾਉਂਦਿਆਂ ਮੀਰੀ ਪੀਰੀ ਦੀਆਂ ਕਿਰਪਾਨਾਂ ਧਾਰਨ ਕਰਕੇ ਰੂਹਾਨੀਅਤ ਦੇ ਨਾਲ-ਨਾਲ ਰਾਜਸੀ ਸ਼ਕਤੀ ਦੀ ਸਥਾਪਨਾ ਕੀਤੀ। ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੀ ਮਿਸਾਲ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਗੁਰੂ ਸਿਧਾਂਤਾਂ ’ਤੇ ਅਮਲ ਕਰਦਿਆਂ ਨਿਆਂਪੂਰਨ ਰਾਜ ਸਥਾਪਿਤ ਕੀਤਾ, ਜਿਸ ਦੀ ਮਿਸਾਲ ਦੁਨੀਆਂ ਵਿੱਚ ਨਹੀਂ ਮਿਲਦੀ।

ਜਥੇਦਾਰ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਸਿਧਾਂਤਾਂ ਨੂੰ ਜੀਵਨ ਵਿੱਚ ਅਪਣਾਇਆ ਜਾਵੇ ਅਤੇ ਸਾਂਝੇ ਪਰਿਵਾਰ ਵਜੋਂ ਵਿਚਰਿਆ ਜਾਵੇ। ਸਮਾਗਮ ਦੌਰਾਨ ਮੀਰੀ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ ਗਏ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਧਰਮ ਅਨੁਸਾਰੀ ਰਾਜ ਦਾ ਸੰਕਲਪ ਅੱਗੇ ਵਧਾਇਆ ਅਤੇ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ।

ਜਿਥੇ ਗੁਰੂ ਅਰਜਨ ਦੇਵ ਜੀ ਨੇ ਸ਼ਾਂਤਮਈ ਢੰਗ ਨਾਲ ਜ਼ੁਲਮ ਦਾ ਵਿਰੋਧ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ, ਉਥੇ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸ਼ਸਤਰਬੱਧ ਖ਼ਾਲਸਈ ਫ਼ੌਜ ਗਠਨ ਕਰਕੇ ਜ਼ੁਲਮ ਦਾ ਸਾਹਮਣਾ ਕੀਤਾ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਸਿਧਾਂਤਾਂ ’ਤੇ ਚੱਲਣ ਦੀ ਪ੍ਰੇਰਨਾ ਕੀਤੀ।ਸਮਾਗਮ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਅੰਮ੍ਰਿਤਪਾਲ ਸਿੰਘ ਕੁਲਾਰ, ਸੁਪਰਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਜਸਪਾਲ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਸ. ਜੁਗਰਾਜ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਸ. ਗੁਰਤਿੰਦਰਪਾਲ ਸਿੰਘ ਕਾਦੀਆਂ ਸਮੇਤ ਸੰਗਤਾਂ ਹਾਜ਼ਰ ਸਨ।