ਅੱਜ 9 ਜੁਲਾਈ 2025 ਨੂੰ ਪੰਜਾਬ ਅਤੇ ਹਰਿਆਣਾ ਵਿਚਕਾਰ ਸਤਲੁਜ-ਯਮੁਨਾ ਲਿੰਕ (SYL) ਨਹਿਰ ਮੁੱਦੇ ‘ਤੇ ਦਿੱਲੀ ਵਿੱਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋ ਰਹੀ ਹੈ। ਕੇਂਦਰ ਸਰਕਾਰ ਦੇ ਯਤਨਾਂ ਸਦਕਾ ਹੋ ਰਹੀ ਇਹ ਚੌਥੀ ਮੀਟਿੰਗ ਨਵੇਂ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਦੀ ਅਗਵਾਈ ਹੇਠ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਵਿੱਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋਏ ਹਨ।
ਪਹਿਲਾਂ ਹੋਈਆਂ ਤਿੰਨ ਮੀਟਿੰਗਾਂ (18 ਅਗਸਤ 2020, 14 ਅਕਤੂਬਰ 2022, ਅਤੇ 4 ਜਨਵਰੀ 2023) ਵਿੱਚ ਕੋਈ ਸਹਿਮਤੀ ਨਹੀਂ ਬਣੀ।212 ਕਿਲੋਮੀਟਰ ਲੰਬੀ SYL ਨਹਿਰ ਦਾ 92 ਕਿਲੋਮੀਟਰ ਹਿੱਸਾ ਹਰਿਆਣਾ ਵਿੱਚ ਪੂਰਾ ਹੋ ਚੁੱਕਾ ਹੈ, ਪਰ ਪੰਜਾਬ ਦੇ 122 ਕਿਲੋਮੀਟਰ ਹਿੱਸੇ ਦਾ ਨਿਰਮਾਣ ਅਜੇ ਵੀ ਲਟਕਿਆ ਹੋਇਆ ਹੈ। ਸੁਪਰੀਮ ਕੋਰਟ ਨੇ 2002 ਵਿੱਚ ਪੰਜਾਬ ਨੂੰ ਨਹਿਰ ਬਣਾਉਣ ਦਾ ਹੁਕਮ ਦਿੱਤਾ ਸੀ, ਪਰ 2004 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਕਾਨੂੰਨ ਪਾਸ ਕਰਕੇ 1981 ਦੇ ਸਮਝੌਤੇ ਨੂੰ ਰੱਦ ਕਰ ਦਿੱਤਾ ਸੀ।
ਪੰਜਾਬ ਦਾ ਸਟੈਂਡ ਸਪੱਸ਼ਟ ਹੈ ਕਿ ਉਸ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਹ ਨੇ ਕਿਹਾ ਹੈ ਕਿ ਪੰਜਾਬ ਆਪਣਾ ਪਾਣੀ ਨਹੀਂ ਦੇਵੇਗਾ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦੀ ਮੀਟਿੰਗ ਵਿੱਚ ਇਹ ਮੁੱਦਾ ਜ਼ੋਰਦਾਰ ਢੰਗ ਨਾਲ ਉਠਾ ਸਕਦੇ ਹਨ। ਮੀਟਿੰਗ ਵਿੱਚ SYL ਨਹਿਰ ਦੇ ਨਾਲ ਪੰਜਾਬ ਆਪਣਾ ਹਿੱਸਾ ਮੰਗ ਸਕਦਾ ਹੈ। ਇਸ ਮੁੱਦੇ ‘ਤੇ ਦੋਵਾਂ ਸੂਬਿਆਂ ਵਿਚਕਾਰ ਲੰਮੇ ਸਮੇਂ ਤੋਂ ਚੱਲ ਰਿਹਾ ਵਿਵਾਦ ਅਜੇ ਵੀ ਜਾਰੀ ਹੈ, ਅਤੇ ਇਸ ਮੀਟਿੰਗ ਤੋਂ ਵੀ ਕੋਈ ਠੋਸ ਨਤੀਜਾ ਨਿਕਲਣ ਦੀ ਉਮੀਦ ਘੱਟ ਹੈ।