Punjab

ਫੌਜਾ ਸਿੰਘ ਦੇ ਦੇਹਾਂਤ ‘ਤੇ CM ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ,

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫੌਜਾ ਸਿੰਘ ਜੀ ਨੇ ਆਪਣੀਆਂ ਲੰਬੀਆਂ ਦੌੜਾਂ ਦੀ ਬਦੌਲਤ ਪੂਰੀ ਦੁਨੀਆ ਵਿਚ ਸਿੱਖ ਕੌਮ ਦਾ ਨਾਂ ਰੌਸ਼ਨ ਕੀਤਾ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਫੌਜਾ ਸਿੰਘ ਜੀ ਹਮੇਸ਼ਾ ਸਾਡੇ ਦਿਲਾਂ ਅਤੇ ਚੇਤਿਆਂ ‘ਚ ਜਿਉਂਦੇ ਰਹਿਣਗੇ।

ਇੱਕ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ ਹੋਇਆ। ਆਪਣੀਆਂ ਲੰਬੀਆਂ ਦੌੜਾਂ ਦੀ ਬਦੌਲਤ ਪੂਰੀ ਦੁਨੀਆ ਵਿੱਚ ਸਿੱਖ ਕੌਮ ਦਾ ਨਾਮ ਰੌਸ਼ਨ ਕਰਨ ਵਾਲੇ ਵਿਸ਼ਵ ਦੇ ਸਭ ਤੋਂ ਵੱਡੀ ਉਮਰ ਦੇ ਦੌੜਾਕ ਫੌਜਾ ਸਿੰਘ ਜੀ ਹਮੇਸ਼ਾ ਸਾਡੇ ਦਿਲਾਂ ਅਤੇ ਚੇਤਿਆਂ ‘ਚ ਜਿਉਂਦੇ ਰਹਿਣਗੇ। ਪਰਿਵਾਰ ਤੇ ਚਾਹੁੰਣ ਵਾਲਿਆਂ ਨਾਲ ਦਿਲੋਂ ਹਮਦਰਦੀ। ਪਰਮਾਤਮਾ ਉਹਨਾਂ ਦੀ ਰੂਹ ਨੂੰ ਚਰਨਾਂ ‘ਚ ਥਾਂ ਬਖ਼ਸ਼ਣ। ਵਾਹਿਗੁਰੂ ਵਾਹਿਗੁਰੂ।

ਦੱਸ ਦਈਏ ਕਿ ਫੌਜਾ ਸਿੰਘ 114 ਸਾਲ ਦੇ ਸਨ ਤੇ ਉਨ੍ਹਾਂ ਨੂੰ ਦੁਨੀਆ ਦਾ ਸਭ ਤੋਂ ਬਜ਼ੁਰਗ ਦੌੜਾਕ ਕਿਹਾ ਜਾਂਦਾ ਹੈ। ਉਹ ਜਲੰਧਰ ਦੇ ਬਿਆਸ ਪਿੰਡ ਰਹਿਣ ਵਾਲੇ ਸਨ ਤੇ ਬੀਤੀ ਰਾਤ ਜਦੋਂ ਉਹ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਸਪਤਾਲ ਵਿਚ ਇਲਾਜ ਦੌਰਾਨ ਉਨ੍ਹਾਂ ਦਾ ਦੇਹਾਂਤ ਹੋ ਗਿਆ।

ਇਹ ਵੀ ਦੱਸਣਾ ਬਣਦਾ ਹੈ ਕਿ ਜਦੋਂ ਫੌਜਾ ਸਿੰਘ 89 ਸਾਲਾਂ ਦੇ ਸਨ ਤਾਂ ਉਨ੍ਹਾਂ ਦੀ ਪਤਨੀ ਅਤੇ ਬੱਚੇ ਦੀ ਇਕ ਹਾਦਸੇ ਵਿਚ ਮੌਤ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਕਾਫ਼ੀ ਵੱਡਾ ਸਦਮਾ ਲੱਗਾ ਅਤੇ ਉਹ ਤਣਾਅ ਵਿਚ ਰਹਿਣ ਲੱਗ ਪਏ। ਉਦੋਂ ਤੋਂ ਹੀ ਉਨ੍ਹਾਂ ਨੇ ਮੈਰਾਥਨ ਦੌੜਨ ਦਾ ਫ਼ੈਸਲਾ ਕੀਤਾ ਤੇ ਕਈ ਖ਼ਿਤਾਬ ਵੀ ਜਿੱਤੇ।