Punjab Religion

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ, ਅਗਨ ਭੇਂਟ ਹੋਏ ਪਾਵਨ ਸਰੂਪ

ਸੰਗਰੂਰ ਦੇ ਪਿੰਡ ਲਖੇਵਾਲ ਦੇ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗਣ ਦੀ ਦੁਖਦਾਈ ਘਟਨਾ ਵਾਪਰੀ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਂਟ ਹੋ ਗਏ। ਭਵਾਨੀਗੜ੍ਹ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੇ ਮੈਨੇਜਰ ਜਗਜੀਤ ਸਿੰਘ ਜੱਗੀ ਨੇ ਦੱਸਿਆ ਕਿ ਸ਼ਾਰਟ ਸਰਕਟ ਕਾਰਨ ਚਾਨਣੀ ਨੂੰ ਅੱਗ ਲੱਗੀ, ਜਿਸ ਨਾਲ ਦਰਬਾਰ ਸਾਹਿਬ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪਾਲਕੀ ਸਾਹਿਬ ਨੂੰ ਅੱਗ ਲੱਗ ਗਈ।

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਨੇ ਮੌਕੇ ’ਤੇ ਪਹੁੰਚ ਕੇ ਪ੍ਰਬੰਧਕ ਕਮੇਟੀ ਨੂੰ 21 ਜੁਲਾਈ ਨੂੰ ਤਲਬ ਕੀਤਾ। ਜਥੇਦਾਰ ਨੇ ਪ੍ਰਬੰਧਕਾਂ ਦੀ ਅਣਗਹਿਲੀ ਨੂੰ ਇਸ ਘਟਨਾ ਦਾ ਕਾਰਨ ਦੱਸਦਿਆਂ ਕਿਹਾ ਕਿ 5 ਪਿਆਰਿਆਂ ਨਾਲ ਮੀਟਿੰਗ ਤੋਂ ਬਾਅਦ ਸਜ਼ਾ ਦਿੱਤੀ ਜਾਵੇਗੀ।

ਉਨ੍ਹਾਂ ਨੇ ਪਿੰਡਾਂ ਦੇ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਬਿਜਲੀ ਦੇ ਉਪਕਰਨਾਂ ਦੀ ਜਾਂਚ ਦੇ ਆਦੇਸ਼ ਵੀ ਦਿੱਤੇ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ। ਸਿੱਖ ਆਗੂਆਂ ਅਤੇ ਪਤਵੰਤਿਆਂ ਦੀ ਹਾਜ਼ਰੀ ਵਿੱਚ ਅਗਨ ਭੇਂਟ ਹੋਏ ਸਰੂਪ ਨੂੰ ਵਿਸ਼ੇਸ਼ ਪਾਲਕੀ ਰਾਹੀਂ ਸ੍ਰੀ ਗੋਇੰਦਵਾਲ ਸਾਹਿਬ ਭੇਜਿਆ ਗਿਆ। ਜਥੇਦਾਰ ਨੇ ਇਸ ਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਸਮੂਹ ਪ੍ਰਬੰਧਕਾਂ ਨੂੰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਦੀ ਅਪੀਲ ਕੀਤੀ।