Punjab Religion

ਸ੍ਰੀ ਦਰਬਾਰ ਸਾਹਿਬ ਪਹੁੰਚੇ CM ਮਾਨ, ਸੁਰੱਖਿਆ ਦਾ ਵੀ ਲਿਆ ਜਾਇਜ਼ਾ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਮੰਗਲਵਾਰ ਨੂੰ ਅੰਮ੍ਰਿਤਸਰ ਪਹੁੰਚੇ ਹਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀਆਂ ਮਿਲਣ ਤੋਂ ਬਾਅਦ ਇਹ CM ਮਾਨ ਦਾ ਪਹਿਲਾ ਦੌਰਾ ਹੈ। ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਧਮਕੀ ਭਰੇ ਈਮੇਲ ਆਏ ਹਨ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੁਰੱਖਿਆ ਦਾ ਵੀ ਜਾਇਜ਼ਾ ਲਿਆ।  ਇਸ ਤੋਂ ਬਾਅਦ ਮੁੱਖ ਮੰਤਰੀ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵੀ ਮੁਲਾਕਾਤ ਕੀਤੀ ਹੈ।

ਮੀਡੀਆ ਨਾਲ ਗੱਲਬਾਤ ਵਿੱਚ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਪੰਜਾਬ ਦੀ ਖੁਸ਼ਹਾਲੀ, ਤਰੱਕੀ ਅਤੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲੀਆਂ ਧਮਕੀਆਂ ਦੇ ਮੁੱਦੇ ‘ਤੇ ਧਾਮੀ ਅਤੇ ਹੋਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ।

ਸਰਕਾਰ ਇਨ੍ਹਾਂ ਧਮਕੀਆਂ ਦੀ ਜਾਂਚ ਵਿੱਚ ਜੁਟੀ ਹੋਈ ਹੈ ਅਤੇ ਆਈਪੀ ਐਡਰੈੱਸ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮਾਨ ਨੇ ਜ਼ੋਰ ਦੇਕੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਸੁਰੱਖਿਆ ਲਈ ਵਿਸ਼ੇਸ਼ ਅਫਸਰ ਤਾਇਨਾਤ ਕੀਤੇ ਗਏ ਹਨ, ਤਾਂ ਜੋ ਪਵਿੱਤਰ ਅਸਥਾਨ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਦੱਸ ਦਈਏ ਕਿ 14 ਜੁਲਾਈ ਨੂੰ ਧਮਕੀਆਂ ਮਿਲਣ ਤੋਂ ਬਾਅਦ, ਕਾਂਗਰਸ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ। ਇਸ ਦੌਰਾਨ, ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾ ਆਉਣ ‘ਤੇ ਸਵਾਲ ਉਠਾਏ ਸਨ।