Punjab

ਲੈਂਡ ਪੂਲਿੰਗ ਨੀਤੀ ਤੋਂ ਨਾਰਾਜ਼ ‘ਆਪ’ ਆਗੂ, ਇੱਕ ਹੋਰ ਆਗੂ ਨੇ ਦਿੱਤਾ ਅਸਤੀਫ਼ਾ

ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਹੁਣ ਆਮ ਆਦਮੀ ਪਾਰਟੀ (ਆਪ) ਦੇ ਅੰਦਰ ਵੀ ਡੂੰਘਾ ਹੋਣ ਲੱਗਾ ਹੈ। ਜਿੱਥੇ ਕਿਸਾਨ ਸੰਗਠਨ ਅਤੇ ਵਿਰੋਧੀ ਪਾਰਟੀਆਂ ਪਹਿਲਾਂ ਹੀ ਇਸ ਨੀਤੀ ਦਾ ਵਿਰੋਧ ਕਰ ਰਹੀਆਂ ਸਨ, ਉੱਥੇ ਹੁਣ ‘ਆਪ’ ਆਗੂਆਂ ਨੇ ਵੀ ਇਸ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਨੀ ਸ਼ੁਰੂ ਕਰ ਦਿੱਤੀ ਹੈ। ਇੱਕ ਤੋਂ ਬਾਅਦ ਇੱਕ ਆਮ ਆਦਮੀ ਪਾਰਟੀ ਦੇ ਆਗੂ ਆਪਣੇ ਅਹੁਦਿਆਂ ਤੋਂ ਅਤਸੀਫ਼ੇ ਦੇ ਰਹੇ ਹਨ।

ਇਸੇ ਦੌਰਾਨ ਬਾਘਾ ਪੁਰਾਣਾ ਵਿਧਾਨ ਸਭਾ ਹਲਕੇ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਚਾਹਲ ਥਰਾਜ ਨੇ ਬਲਾਕ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕਰਦੇ ਹੋਏ ਇਸ ਨੀਤੀ ਨੂੰ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਦੱਸਿਆ ਹੈ।

ਇਸ ਤੋਂ ਪਹਿਲਾਂ ਮੋਗਾ ਦੇ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ ਦੀਦਾਰਵਾਲਾ ਨੇ ਵੀ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਨੀਤੀ ਕਿਸਾਨਾਂ ਦੀ ਜ਼ਮੀਨ ਅਤੇ ਭਵਿੱਖ ਨਾਲ ਖੇਡ ਸਕਦੀ ਹੈ। ਕਿਸਾਨ ਸੰਗਠਨਾਂ ਦਾ ਦੋਸ਼ ਹੈ ਕਿ ਇਹ ਨੀਤੀ ਕਿਸਾਨਾਂ ਨੂੰ ਉਨ੍ਹਾਂ ਦੀ ਆਪਣੀ ਜ਼ਮੀਨ ਤੋਂ ਬੇਦਖਲ ਕਰੇਗੀ ਅਤੇ ਵੱਡੇ ਉਦਯੋਗਿਕ ਪ੍ਰੋਜੈਕਟਾਂ ਨੂੰ ਲਾਭ ਪਹੁੰਚਾਏਗੀ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਇਸਨੂੰ ਆਮ ਆਦਮੀ ਪਾਰਟੀ ਸਰਕਾਰ ਦੀ ਕਿਸਾਨ ਵਿਰੋਧੀ ਨੀਤੀ ਦੱਸ ਰਹੀਆਂ ਹਨ।

‘ਆਪ’ ਦੇ ਅੰਦਰ ਆਗੂਆਂ ਦੇ ਅਸਤੀਫੇ ਇਸ ਗੱਲ ਦਾ ਸੰਕੇਤ ਦੇ ਰਹੇ ਹਨ ਕਿ ਇਸ ਨੀਤੀ ਨੂੰ ਲੈ ਕੇ ਪਾਰਟੀ ਅੰਦਰ ਅਸਹਿਮਤੀ ਵਧ ਰਹੀ ਹੈ। ਹੁਣ ਦੇਖਣਾ ਇਹ ਹੈ ਕਿ ਪੰਜਾਬ ਸਰਕਾਰ ਇਸ ਮੁੱਦੇ ‘ਤੇ ਕੀ ਸਟੈਂਡ ਲੈਂਦੀ ਹੈ, ਕਿਉਂਕਿ ਕਿਸਾਨਾਂ ਅਤੇ ਆਪਣੇ ਹੀ ਆਗੂਆਂ ਦੇ ਵਧਦੇ ਵਿਰੋਧ ਨੇ ਸਰਕਾਰ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ।