ਬਿਊਰੋ ਰਿਪੋਰਟ (9 ਸਤੰਬਰ 2025): ਸ਼੍ਰੋਮਣੀ ਅਕਾਲੀ ਦਲ ਨੇ ਉਪ-ਰਾਸ਼ਟਰਪਤੀ ਚੋਣ ਵਿੱਚ ਹਿੱਸਾ ਨਾ ਲੈਣ ਦਾ ਐਲਾਨ ਕੀਤਾ ਹੈ। ਪਾਰਟੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਈ ਭਿਆਨਕ ਹੜ੍ਹ ਕਾਰਨ ਉਹਨਾਂ ਦੇ ਸੰਸਦ ਮੈਂਬਰ ਵੋਟਿੰਗ ਵਿੱਚ ਹਿੱਸਾ ਨਹੀਂ ਲੈਣਗੇ। ਇਸ ਸਮੇਂ ਅਕਾਲੀ ਦਲ ਕੋਲ ਕੇਵਲ ਇੱਕ ਹੀ ਲੋਕ ਸਭਾ ਸੀਟ ਹੈ। ਦੱਸ ਦੇਈਏ ਉਪ-ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ।
ਬਠਿੰਡਾ ਤੋਂ ਸੰਸਦ ਮੈਂਬਰ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਵੀ ਸਪਸ਼ਟ ਕੀਤਾ ਹੈ ਕਿ ਉਹ ਵੋਟ ਨਹੀਂ ਪਾਉਣਗੇ। ਪਾਰਟੀ ਦਾ ਕਹਿਣਾ ਹੈ ਕਿ ਜਦੋਂ ਸਾਰਾ ਪੰਜਾਬ ਹੜ੍ਹ ਦੀ ਤਬਾਹੀ ਸਹਿ ਰਿਹਾ ਹੈ, ਤਾਂ ਉਹਨਾਂ ਦਾ ਫ਼ਰਜ਼ ਹੈ ਕਿ ਉਹ ਲੋਕਾਂ ਦੀ ਮਦਦ ’ਤੇ ਧਿਆਨ ਦੇਣ।
ਅਕਾਲੀ ਦਲ ਨੇ ਕਿਹਾ ਕਿ ਉਪ-ਰਾਸ਼ਟਰਪਤੀ ਚੋਣ ਤੋਂ ਬਾਹਰ ਰਹਿਣ ਦਾ ਇੱਕ ਹੋਰ ਕਾਰਨ ਕੇਂਦਰ ਅਤੇ ਪੰਜਾਬ ਸਰਕਾਰ ਦਾ ਰਵੱਈਆ ਵੀ ਹੈ। ਉਹਨਾਂ ਮੁਤਾਬਕ ਹੁਣ ਤੱਕ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੋੜੀਂਦੇ ਕਦਮ ਨਹੀਂ ਚੁੱਕੇ ਗਏ।
ਹਜ਼ਾਰਾਂ ਪਰਿਵਾਰ ਬੇਘਰ ਹੋ ਗਏ ਹਨ, ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ ਅਤੇ ਲੋਕ ਬੁਨਿਆਦੀ ਜ਼ਰੂਰਤਾਂ ਤੋਂ ਵੀ ਵਾਂਝੇ ਹਨ। ਅਜਿਹੇ ਸਮੇਂ ਵਿੱਚ ਚੋਣ ਵਿੱਚ ਹਿੱਸਾ ਲੈਣ ਦੀ ਥਾਂ ਪ੍ਰਭਾਵਿਤ ਲੋਕਾਂ ਦੀ ਮਦਦ ਕਰਨੀ ਹੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ।