ਬਿਊਰੋ ਰਿਪੋਰਟ (ਲੁਧਿਆਣਾ, 16 ਸਤੰਬਰ 2025): ਪੰਜਾਬ ਵਿੱਚ ਅੱਜ 16 ਸਤੰਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਇਸ ਸਬੰਧੀ ਸਰਕਾਰ ਨੇ ਮੰਡੀਆਂ ਵਿੱਚ ਤਿਆਰੀਆਂ ਪੂਰੀਆਂ ਕਰਨ ਦੇ ਦਾਅਵੇ ਕੀਤੇ ਹਨ। ਪਰ ਫ਼ਸਲ ਵਿੱਚ ਵੱਧ ਨਮੀ ਦੇ ਮਸਲੇ ਕਰਕੇ ਕਿਸਾਨਾਂ ਵਿੱਚ ਚਿੰਤਾ ਹਨ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ 17 ਫ਼ੀਸਦੀ ਜਾਂ ਇਸ ਤੋਂ ਘੱਟ ਨਮੀ ਵਾਲਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਕਿ ਖ਼ਰੀਦ ਪ੍ਰਕਿਰਿਆ ਵਿੱਚ ਰੁਕਾਵਟ ਨਾ ਆਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਿਹੜੇ ਕਿਸਾਨ 17 ਫ਼ੀਸਦੀ ਤੋਂ ਵੱਧ ਨਮੀ ਵਾਲਾ ਝੋਨਾ ਲੈ ਕੇ ਆਉਣਗੇ, ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਸੇ ਦੌਰਾਨ ਕਾਂਗਰਸ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਨਮੀ ਦੀ ਹੱਦ 17 ਫ਼ੀਸਦੀ ਤੋਂ ਵਧਾ ਕੇ ਘੱਟੋ-ਘੱਟ 25–30 ਫ਼ੀਸਦੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਵਾਰ ਹੜ੍ਹਾਂ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਖੇਤਾਂ ਵਿੱਚ ਖੜ੍ਹੇ ਪਾਣੀ ਕਰਕੇ ਝੋਨੇ ਵਿੱਚ ਵੱਧ ਨਮੀ ਆ ਗਈ ਹੈ। ਅਜਿਹੇ ਹਾਲਾਤਾਂ ਵਿੱਚ ਸਰਕਾਰ ਨੂੰ ਕਿਸਾਨਾਂ ਨੂੰ ਰਾਹਤ ਦੇਣੀ ਚਾਹੀਦੀ ਹੈ ਨਹੀਂ ਤਾਂ ਬਹੁਤ ਸਾਰੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਇਹ ਵੀ ਦੱਸਿਆ ਕਿ ਕੰਬਾਈਨ ਹਾਰਵੇਸਟਰ ਮਸ਼ੀਨਾਂ ਸਿਰਫ਼ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਚਲਾਉਣ ਦੀ ਇਜਾਜ਼ਤ ਹੋਵੇਗੀ। ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰੇਗਾ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਮਸ਼ੀਨਾਂ ਜ਼ਬਤ ਕੀਤੀਆਂ ਜਾਣਗੀਆਂ।
108 ਅਨਾਜ ਮੰਡੀਆਂ ਅਤੇ 79 ਅਸਥਾਈ ਖ਼ਰੀਦ ਕੇਂਦਰ ਬਣਾਏ
ਲੁਧਿਆਣਾ ਜ਼ਿਲ੍ਹੇ ਵਿੱਚ ਇਸ ਵਾਰ 108 ਅਨਾਜ ਮੰਡੀਆਂ ਅਤੇ 79 ਅਸਥਾਈ ਖਰੀਦ ਕੇਂਦਰ ਬਣਾਏ ਗਏ ਹਨ। ਅਧਿਕਾਰੀਆਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਮੰਡੀਆਂ ਵਿੱਚ ਸਫ਼ਾਈ, ਪੀਣ ਵਾਲਾ ਪਾਣੀ, ਬਿਜਲੀ, ਪੱਖੇ, ਸ਼ੈਡ ਅਤੇ ਟਾਇਲਟ ਵਰਗੀਆਂ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਈਆਂ ਜਾਣ। ਰਾਜ ਸਰਕਾਰ ਨੇ ਯਕੀਨ ਦਵਾਇਆ ਹੈ ਕਿ ਇਸ ਖਰੀਫ਼ ਸੀਜ਼ਨ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਝੋਨਾ ਖ਼ਰੀਦਿਆ ਜਾਵੇਗਾ ਅਤੇ ਇਸ ਲਈ ਸੂਬੇ ਭਰ ਵਿੱਚ 1,872 ਮੰਡੀਆਂ ਖੋਲ੍ਹੀਆਂ ਜਾਣਗੀਆਂ।
ਦੂਜੇ ਪਾਸੇ ਫੂਡ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਚਿੰਤਾ ਜ਼ਾਹਰ ਕੀਤੀ ਹੈ ਕਿ ਜ਼ਮੀਨੀ ਪੱਧਰ ’ਤੇ ਹਾਲਾਤ ਖਰੀਦ ਸ਼ੁਰੂ ਕਰਨ ਲਈ ਹਰੇਕ ਥਾਂ ਉੱਚਿਤ ਨਹੀਂ ਹਨ। ਖ਼ਾਸਕਰ ਕਪੂਰਥਲਾ, ਅੰਮ੍ਰਿਤਸਰ, ਤਰਨ ਤਾਰਨ, ਫਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ ਅਤੇ ਇਨ੍ਹਾਂ ਇਲਾਕਿਆਂ ਵਿੱਚ ਝੋਨੇ ਦੀ ਫ਼ਸਲ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ। ਕਈ ਖੇਤਾਂ ਵਿੱਚ ਅਜੇ ਵੀ ਪਾਣੀ ਖੜ੍ਹਾ ਹੈ ਜਿਸ ਕਰਕੇ ਕਿਸਾਨਾਂ ਨੂੰ ਕੱਟਾਈ ਸ਼ੁਰੂ ਕਰਨ ਵਿੱਚ ਘੱਟੋ-ਘੱਟ 10 ਦਿਨ ਹੋਰ ਲੱਗ ਸਕਦੇ ਹਨ।