Punjab Religion

ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ, 8 ਅਕਤੂਬਰ ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਗੁਰਪੁਰਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਸਬੰਧੀ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕਾਂ ਕੀਤੀਆਂ। ਇਨ੍ਹਾਂ ਬੈਠਕਾਂ ਵਿੱਚ ਸ. ਸੁਰਜੀਤ ਸਿੰਘ ਤੁਗਲਵਾਲ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਨਗਰ ਨਿਗਮ ਦੇ ਕਮਿਸ਼ਨਰ ਸ. ਬਿਕਰਮਜੀਤ ਸਿੰਘ ਸ਼ੇਰਗਿੱਲ, ਐਸਡੀਐਮ ਸ. ਗੁਰਸਿਮਰਨ ਸਿੰਘ, ਤਹਿਸੀਲਦਾਰ ਸ. ਅੰਗਦਪ੍ਰੀਤ ਸਿੰਘ, ਜੁਆਇੰਟ ਕਮਿਸ਼ਨਰ ਸ. ਜੈਇੰਦਰ ਸਿੰਘ, ਡੀਸੀਪੀ ਸ. ਜਗਜੀਤ ਸਿੰਘ ਵਾਲੀਆ, ਏਡੀਸੀਪੀ ਸ. ਹਰਪਾਲ ਸਿੰਘ ਅਤੇ ਬੀਬੀ ਅਮਨਦੀਪ ਕੌਰ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ। ਬੈਠਕ ਵਿੱਚ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ, ਸਫ਼ਾਈ, ਟ੍ਰੈਫ਼ਿਕ ਅਤੇ ਹੋਰ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਸ. ਸੁਰਜੀਤ ਸਿੰਘ ਤੁਗਲਵਾਲ ਅਤੇ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 8 ਅਕਤੂਬਰ 2025 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾਵੇਗਾ। 7 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਅੰਮ੍ਰਿਤਸਰ ਨਗਰੀ, ਜੋ ਗੁਰੂ ਸਾਹਿਬ ਜੀ ਵੱਲੋਂ ਵਸਾਈ ਗਈ, ਨੂੰ ਸਾਫ਼-ਸੁਥਰਾ ਰੱਖਣਾ ਸਭ ਦੀ ਜ਼ਿੰਮੇਵਾਰੀ ਹੈ। ਪ੍ਰਸ਼ਾਸਨ ਦੇ ਸਹਿਯੋਗ ਨਾਲ ਇਸ ਵਾਰ ਵੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਪ੍ਰਬੰਧ ਕੀਤੇ ਜਾਣਗੇ।