ਚੰਡੀਗੜ੍ਹ- ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ 31 ਮਾਰਚ ਤੱਕ ਲਾਕਡਾਊਨ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਸ਼ਹਿਰ ਦੇ ਦਫਤਰ, ਸਕੂਲ, ਕਾਲਜ, ਫੈਕਟਰੀਆਂ ਅਤੇ ਹੋਰ ਕਾਰੋਬਾਰੀ ਅਦਾਰਿਆਂ ਸਮੇਤ ਸਾਰੀਆਂ ‘ਗੈਰ-ਜ਼ਰੂਰੀ ਸੰਸਥਾਵਾਂ’ 31 ਮਾਰਚ ਤੱਕ ਬੰਦ ਰਹਿਣਗੀਆਂ। ਸਾਰੀ ਜਨਤਕ ਆਵਾਜਾਈ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਹਾਲਾਂਕਿ, ਸਬਜ਼ੀਆਂ ਦੀਆਂ ਦੁਕਾਨਾਂ, ਰਾਸ਼ਨ ਦੀਆਂ ਦੁਕਾਨਾਂ, ਕੈਮਿਸਟ ਆਦਿ ਜ਼ਰੂਰੀ ਸੇਵਾਵਾਂ ਖੁੱਲੀਆਂ ਰਹਿਣਗੀਆਂ। ਯੂਟੀ ਪ੍ਰਸ਼ਾਸਨ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ” ਇਸ ਸੰਬੰਧੀ ਵਿਸਥਾਰਤ ਆਦੇਸ਼ ਜਲਦੀ ਹੀ ਸਾਂਝੇ ਕੀਤੇ ਜਾਣਗੇ। ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਅਤੇ ਸਮੇਂ-ਸਮੇਂ ‘ਤੇ ਦੱਸੇ ਜਾਣ ਵਾਲੇ ਸਾਰੇ ਰੋਕਥਾਮ ਕਦਮ ਚੁੱਕਣ। ਸਾਰਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਘਰ ਦੇ ਅੰਦਰ ਹੀ ਰਹਿਣ ਅਤੇ ਜਦੋਂ ਤੱਕ ਜ਼ਰੂਰੀ ਨਹੀਂ ਹੁੰਦਾ ਉਦੋਂ ਤੱਕ ਬਾਹਰ ਨਾ ਆਉਣ। ”
ਅੱਜ ਐਤਵਾਰ ਸਵੇਰੇ ਚੰਡੀਗੜ੍ਹ ‘ਚ ਇੱਕ ਨੌਜਵਾਨ ਕੋਰੋਨਾ ਪਾਜੀਟਿਵ ਪਾਇਆ ਗਿਆ ਹੈ। ਇਸ ਨਾਲ ਸਿਟੀ ਬਿਊਟੀਫ਼ੁਲ ‘ਚ ਇਸ ਵਾਇਰਸ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ ਵੱਧ ਕੇ 6 ਹੋ ਗਈ ਹੈ। ਪਿਛਲੇ 5 ਦਿਨਾਂ ’ਚ ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ਉੱਤੇ ਆਧਾਰਤ ਟ੍ਰਾਈਸਿਟੀ ‘ਚ ਕੋਰੋਨਾ ਦੀ ਲਾਗ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 11 ਹੋ ਗਈ ਹੈ।
ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਪੰਜਾਬ ‘ਚ ਕੋਰੋਨਾਵਾਇਰਸ ਦੇ ਪਾਜੀਟਿਵ ਮਰੀਜ਼ਾਂ ਦੀ ਗਿਣਤੀ ਹੁਣ ਤੱਕ 21 ਹੋ ਚੁੱਕੀ ਹੈ ਜਿਸ ਦੇ ਮੱਦੇਨਜ਼ਰ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31 ਮਾਰਚ ਤਕ ਪੰਜਾਬ ‘ਚ ਲਾਕਡਾਊਨ ਦਾ ਆਦੇਸ਼ ਦਿੱਤਾ ਗਿਆ ਹੈ।