Punjab

ਮੁਹਾਲੀ, ਚੰਡੀਗੜ੍ਹ, ਫ਼ਤਿਹਗੜ੍ਹ ਸਾਹਿਬ ਸਮੇਤ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ

ਅੱਜ ਸਵੇਰ ਤੜਕੇ ਤੋਂ ਹੀ ਮੁਹਾਲੀ, ਚੰਡੀਗੜ੍ਹ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸਦੇ ਨਾਲਸ ਹੀ ਸਵੇਰੇ ਅੰਮ੍ਰਿਤਸਰ, ਜਲੰਧਰ ਅਤੇ ਮੋਹਾਲੀ ਵਿੱਚ ਮੀਂਹ ਪਿਆ। ਸੂਬੇ ਦੇ 11 ਜ਼ਿਲ੍ਹਿਆਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਨਾਲ ਅਗਲੇ ਤਿੰਨ ਦਿਨਾਂ ਤੱਕ ਹੜ੍ਹ ਦਾ ਖ਼ਤਰਾ ਬਣਿਆ ਰਹੇਗਾ।

ਮੌਸਮ ਵਿਭਾਗ ਦੇ ਮੁਤਾਬਕ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਮੋਗਾ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਸਵੇਰੇ 10:30 ਵਜੇ ਤੱਕ ਬਿਜਲੀ ਦੇ ਨਾਲ ਗਰਜ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਮੌਸਮ ਵਿਗਿਆਨ ਕੇਂਦਰ ਨੇ ਪੰਜਾਬ, ਜੰਮੂ ਅਤੇ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਭਾਰੀ ਮੀਂਹ ਦੀ ਸਥਿਤੀ ਵਿੱਚ ਪਾਣੀ ਸਟੋਰ ਕਰਨ ਲਈ ਹਿਮਾਚਲ ਅਤੇ ਪੰਜਾਬ ਦੇ ਡੈਮਾਂ ਨੂੰ ਖਾਲੀ ਕੀਤਾ ਜਾ ਰਿਹਾ ਹੈ।

ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਅਲਰਟ ‘ਤੇ ਹੈ। ਇਸ ਤੋਂ ਇਲਾਵਾ, ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਦੇ ਨਾਲ ਲੱਗਦੇ 13 ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ। ਭਾਰੀ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡਣ ਨਾਲ ਇਨ੍ਹਾਂ ਜ਼ਿਲ੍ਹਿਆਂ ਵਿੱਚ ਹੜ੍ਹ ਆਉਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ, ਫਾਜ਼ਿਲਕਾ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਤਰਨਤਾਰਨ, ਮੋਗਾ, ਲੁਧਿਆਣਾ, ਰੋਪੜ, ਪਟਿਆਲਾ ਅਤੇ ਸੰਗਰੂਰ ਸ਼ਾਮਲ ਹਨ।