ਬਿਊਰੋ ਰਿਪੋਰਟ (7 ਨਵੰਬਰ 2025): ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਆਵਾਰਾ ਕੁੱਤਿਆਂ ਨਾਲ ਸਬੰਧਿਤ ਇੱਕ ਮਾਮਲੇ ਵਿੱਚ ਕਿਹਾ ਕਿ ਰਾਜਸਥਾਨ ਹਾਈਕੋਰਟ ਦਾ ਫੈਸਲਾ ਪੂਰੇ ਦੇਸ਼ ਵਿੱਚ ਲਾਗੂ ਹੋਵੇਗਾ। ਸਾਰੀਆਂ ਸਟੇਟ ਅਤੇ ਨੈਸ਼ਨਲ ਹਾਈਵੇਜ਼ ਤੋਂ ਆਵਾਰਾ ਪਸ਼ੂ ਹਟਾਏ ਜਾਣ। ਆਵਾਰਾ ਕੁੱਤਿਆਂ ਨਾਲ ਨਜਿੱਠਣ ਲਈ ਹਸਪਤਾਲਾਂ, ਸਕੂਲਾਂ ਅਤੇ ਕਾਲਜ ਕੈਂਪਸਾਂ ਵਿੱਚ ਵਾੜ ਲਗਾਈ ਜਾਵੇ।
ਅਦਾਲਤ ਨੇ ਸਪੱਸ਼ਟ ਕੀਤਾ ਕਿ ਫੜੇ ਗਏ ਆਵਾਰਾ ਕੁੱਤਿਆਂ ਨੂੰ ਉਸੇ ਥਾਂ ’ਤੇ ਵਾਪਸ ਨਹੀਂ ਛੱਡਿਆ ਜਾਵੇਗਾ, ਜਿੱਥੋਂ ਉਨ੍ਹਾਂ ਨੂੰ ਚੁੱਕਿਆ ਗਿਆ ਸੀ। ਇਸ ਮਾਮਲੇ ਦੀ ਸੁਣਵਾਈ ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੇ ਬੈਂਚ ਨੇ ਕੀਤੀ।
ਸੁਪਰੀਮ ਕੋਰਟ ਨੇ ਕਿਹਾ ਕਿ ਸਾਰੇ ਸਬੂਿਆਂ ਦੇ ਮੁੱਖ ਸਕੱਤਰ ਇਨ੍ਹਾਂ ਆਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣਗੇ। ਸੂਬਿਆਂ ਰਿਪੋਰਟ ਅਤੇ ਹਲਫ਼ਨਾਮਾ 3 ਹਫ਼ਤਿਆਂ ਵਿੱਚ ਦਾਇਰ ਕੀਤਾ ਜਾਵੇ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 13 ਜਨਵਰੀ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ 3 ਮਹੀਨੇ ਪਹਿਲਾਂ ਰਾਜਸਥਾਨ ਹਾਈਕੋਰਟ ਨੇ ਜ਼ਿੰਮੇਵਾਰ ਸਰਕਾਰੀ ਏਜੰਸੀਆਂ ਨੂੰ ਸੜਕਾਂ ਤੋਂ ਆਵਾਰਾ ਜਾਨਵਰਾਂ ਨੂੰ ਹਟਾਉਣ ਦਾ ਹੁਕਮ ਦਿੱਤਾ ਸੀ। ਨਾਲ ਹੀ ਕਿਹਾ ਸੀ ਕਿ ਕਾਰਵਾਈ ਨੂੰ ਪ੍ਰਭਾਵਿਤ ਕਰਨ ਵਾਲਿਆਂ ਖ਼ਿਲਾਫ਼ ਐਫਆਈਆਰ ਵੀ ਦਰਜ ਕੀਤੀ ਜਾਵੇਗੀ।

