ਅਦਾਕਾਰ ਧਰਮਿੰਦਰ ਨੂੰ ਬੁੱਧਵਾਰ ਸਵੇਰੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਨ੍ਹਾਂ ਦੇ ਡਾਕਟਰ ਅਨੁਸਾਰ ਉਨ੍ਹਾਂ ਦੇ ਪਰਿਵਾਰ ਨੇ ਘਰ ਵਿੱਚ ਹੀ ਉਨ੍ਹਾਂ ਦਾ ਇਲਾਜ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਡਾਕਟਰ ਪ੍ਰਤੀਕ ਸਮਦਾਨੀ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਧਰਮਿੰਦਰ ਪਿਛਲੇ ਕਈ ਹਫ਼ਤਿਆਂ ਤੋਂ ਰੁਕ-ਰੁਕ ਕੇ ਹਸਪਤਾਲ ਵਿੱਚ ਭਰਤੀ ਸਨ ਅਤੇ ਘਰ ਵਾਪਸ ਆ ਰਹੇ ਸਨ। ਉਨ੍ਹਾਂ ਨੂੰ ਸਵੇਰੇ 7:30 ਵਜੇ ਦੇ ਕਰੀਬ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।
ਧਰਮਿਦਰ ਦੇ ਛੁੱਟੀ ਮਿਲਣ ਤੋਂ ਬਾਅਦ, ਪੁਲਿਸ ਨੇ ਭੀੜ ਇਕੱਠੀ ਹੋਣ ਤੋਂ ਰੋਕਣ ਲਈ ਜੁਹੂ ਸਥਿਤ ਉਨ੍ਹਾਂ ਦੇ ਘਰ ਨੂੰ ਜਾਣ ਵਾਲੀ ਗਲੀ ਨੂੰ ਬੰਦ ਕਰ ਦਿੱਤਾ।
ਧਰਮਿਦਰ ਨੂੰ 10 ਨਵੰਬਰ ਨੂੰ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ ਅਤੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਸੰਨੀ ਦਿਓਲ ਦੀ ਟੀਮ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਧਰਮਿੰਦਰ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਕਿਰਪਾ ਕਰਕੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਪ੍ਰਾਰਥਨਾ ਕਰੋ।
ਇਸ ਦੌਰਾਨ, 11 ਨਵੰਬਰ ਦੀ ਸਵੇਰ ਨੂੰ, ਮੀਡੀਆ ਵਿੱਚ ਅਦਾਕਾਰ ਦੀ ਮੌਤ ਦੀ ਝੂਠੀ ਖ਼ਬਰ ਆਈ, ਜਿਸ ਤੋਂ ਬਾਅਦ ਉਨ੍ਹਾਂ ਦੀ ਧੀ ਈਸ਼ਾ ਦਿਓਲ ਅਤੇ ਪਤਨੀ ਹੇਮਾ ਮਾਲਿਨੀ ਨੇ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ।

